ਚੰਡੀਗੜ੍ਹ, 30 ਮਾਰਚ (ਬਿਊਰੋ)- ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂਲ ਤੋਂ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਹੈ। ਕੇਂਦਰ ਨੇ ਇਹ ਬਿਜਲੀ ਸਪਲਾਈ ਹਰਿਆਣਾ ਨੂੰ ਦੇ ਦਿੱਤੀ ਹੈ। ਪੰਜਾਬ ਨੇ ਬਹੁਤ ਸਮਾਂ ਪਹਿਲਾਂ ਇਸ ਪੂਲ ‘ਚੋਂ ਬਿਜਲੀ ਮੰਗੀ ਸੀ ਪਰ ਕੇਂਦਰ ਨੇ ਇਨਕਾਰ ਕਰ ਦਿੱਤਾ ਸੀ। ਹਰਿਆਣਾ ਨੇ 24 ਮਾਰਚ ਮਗਰੋਂ ਇਸ ਪੂਲ ‘ਚੋਂ ਬਿਜਲੀ ਦੀ ਮੰਗ ਕੀਤੀ ਸੀ ਅਤੇ ਉਸ ਨੂੰ 728.69 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਕੇਂਦਰ ਸਰਕਾਰ ਦੀ ਇਹ ਵੰਡ ਨੀਤੀ ਪੰਜਾਬ ਨੂੰ ਢਾਹ ਲਾਉਣ ਵਾਲੀ ਜਾਪਦੀ ਹੈ।
ਜ਼ਿਕਰਯੋਗ ਹੈ ਕਿ ਬਹੁਤ ਸਾਰੇ ਸੂਬੇ ਗਰਮੀਆਂ ‘ਚ ਆਪਣੇ ਹਿੱਸੇ ਦੀ ਬਿਜਲੀ ਛੱਡ ਦਿੰਦੇ ਹਨ, ਜਿਨ੍ਹਾਂ ਦੀ ਬਿਜਲੀ ਅਣਐਲੋਕੇਟਿਡ ਪੂਲ ‘ਚ ਇਕੱਠੀ ਹੋ ਜਾਂਦੀ ਹੈ। ਗਰਮੀ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਸੂਬੇ ਇਸ ਪੂਲ ‘ਚੋਂ ਬਿਜਲੀ ਦੀ ਮੰਗ ਕਰਦੇ ਹਨ ਅਤੇ ਬਿਜਲੀ ਮੰਤਰਾਲਾ ਹਰ ਸਾਲ ਇਹ ਸੂਬਿਆਂ ‘ਚ ਵੰਡ ਦਿੰਦਾ ਹੈ। ਇਸ ਵਾਰ ਕੋਲਾ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਨੇ ‘ਨਾਰਦਰਨ ਰੀਜਨਲ ਪਾਵਰ ਕਮੇਟੀ’ ਕੋਲ ਕਾਫੀ ਸਮਾਂ ਪਹਿਲਾਂ 750 ਮੈਗਾਵਾਟ ਬਿਜਲੀ ਲੈਣ ਦੀ ਦਰਖ਼ਾਸਤ ਭੇਜੀ ਸੀ। ਇਸ ਪਾਵਰ ਕਮੇਟੀ ਨੇ 24 ਮਾਰਚ ਨੂੰ ਪੱਤਰ ਜਾਰੀ ਕਰਕੇ ਅਣਐਲੋਕੇਟਿਡ ਪੂਲ ‘ਚੋਂ ਪੰਜਾਬ ਲਈ 600 ਮੈਗਾਵਾਟ ਤੋਂ ਜ਼ਿਆਦਾ ਬਿਜਲੀ ਦੇਣ ਦੀ ਸਿਫਾਰਿਸ਼ ਕੀਤੀ ਸੀ ਪਰ ਕੇਂਦਰ ਨੇ ਇਸ ਸਿਫਾਰਿਸ਼ ਨੂੰ ਰੱਦ ਕਰਦਿਆਂ ਹਰਿਆਣਾ ਨੂੰ ਪਹਿਲੀ ਅਪ੍ਰੈਲ ਤੋਂ 31 ਅਕਤੂਬਰ ਤੱਕ 728.68 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ।