ਚੰਡੀਗੜ੍ਹ, 30 ਮਾਰਚ (ਬਿਊਰੋ)- ਕੋਰੋਨਾ ਮਹਾਮਾਰੀ ਤੋਂ ਬਾਅਦ ਸ਼ੁਰੂ ਹੋਈ ਆਨਲਾਈਨ ਪੜ੍ਹਾਈ ਹੁਣ ਰੁਕ ਜਾਵੇਗੀ। 1 ਅਪ੍ਰੈਲ ਤੋਂ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਪੂਰੀ ਤਰ੍ਹਾਂ ਆਫਲਾਈਨ ਹੋ ਜਾਣਗੀਆਂ ਅਤੇ ਕਿਸੇ ਵੀ ਵਿਦਿਆਰਥੀ ਨੂੰ ਆਨਲਾਈਨ ਪੜ੍ਹਾਈ ਨਹੀਂ ਕਰਵਾਈ ਜਾਵੇਗੀ। ਅਜਿਹੀ ਸਥਿਤੀ ਵਿੱਚ ਹੁਣ ਉਪਰੋਕਤ ਦੋਵੇਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਸਕੂਲ ਆਉਣਾ ਜ਼ਰੂਰੀ ਹੋ ਗਿਆ ਹੈ।
ਇਸ ਸਬੰਧੀ ਸਿੱਖਿਆ ਵਿਭਾਗ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਭਜੋਤ ਕੌਰ ਨੇ ਸਕੂਲ ਪ੍ਰਿੰਸੀਪਲ ਨੂੰ ਹੁਕਮ ਜਾਰੀ ਕੀਤਾ ਹੈ ਕਿ 1 ਅਪ੍ਰੈਲ ਤੋਂ ਪੜ੍ਹਾਈ ਪੂਰੀ ਤਰ੍ਹਾਂ ਆਫ਼ਲਾਈਨ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ। ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਦੀ ਬਿਹਤਰ ਤਿਆਰੀ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।