ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਬਿਊਰੋ)- ਲੰਬੀ ਵਿਵਾਦ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਸੂਬਾ ਪੱਧਰੀ ਰੋਸ ਧਰਨਾ ਸ਼ੁਰੂ ਹੋ ਗਿਆ ਹੈ। ਇਸ ਧਰਨੇ ਵਿਚ ਵੱਡੀ ਗਿਣਤੀ ‘ਚ ਕਿਸਾਨ-ਮਜ਼ਦੂਰ ਪਹੁੰਚ ਚੁੱਕੇ ਹਨ ਅਤੇ ਅਜੇ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਆਉਣਾ ਜਾਰੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਪਰਚੇ ਰੱਦ ਕੀਤੇ ਜਾਣ, ਕਿਸਾਨਾਂ ਨੂੰ ਬਿਨਾਂ ਦੇਰੀ ਯੋਗ ਮੁਆਵਜ਼ਾ ਦਿੱਤਾ ਜਾਵੇ, ਸੰਬੰਧਿਤ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਅਤੇ ਐੱਸ.ਡੀ.ਐੱਮ. ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਇਨਸਾਫ਼ ਨਹੀਂ ਮਿਲੇਗਾ, ਸ੍ਰੀ ਮੁਕਤਸਰ ਸਾਹਿਬ ਵਿਖੇ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ।