ਚੰਡੀਗੜ੍ਹ, 16 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ 16 ਅਪ੍ਰੈਲ ਨੂੰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਥੋੜੀ ਦੇਰ ’ਚ ਵੀਡੀਓ ਜਾਰੀ ਕਰਕੇ ਕਰਨਗੇ। ਇਸ ਐਲਾਨ ਦੇ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਦੀਆਂ ਸਾਰੀਆਂ ਅਖ਼ਬਾਰਾਂ ’ਚ ਇਕ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਹੈ।
ਦੱਸ ਦੇਈਏ ਕਿ ਅੱਜ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ। ਬੀਤੇ ਦਿਨੀਂ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪੰਜਾਬ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।