ਲੁਧਿਆਣਾ, 18 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਮਾਨ ਨਾਲ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਕਈ ਪੱਖਾਂ ਤੋਂ ਬਹੁਤ ਪੱਛੜਿਆ ਹੋਇਆ ਹੈ ਅਤੇ ਇਸ ਦੀਆਂ ਬਹੁਤ ਸਾਰੀਆਂ ਲੋੜਾਂ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਮਾਨ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜਿੱਥੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ, ਉੱਥੇ ਹੀ ਹਲਕੇ ਦੀਆਂ ਲੋੜਾਂ ਪੂਰੀਆਂ ਕਰਨ ਦਾ ਵੀ ਵਿਸ਼ਵਾਸ ਦਿਵਾਇਆ।
ਮੁੰਡੀਆਂ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਹਲਕੇ ਦੇ ਕਈ ਕੰਮਾਂ ਨੂੰ ਝੰਡੀ ਦੇ ਦਿੱਤੀ ਹੈ ਅਤੇ ਕਈ ਕੰਮ ਚੱਲ ਵੀ ਰਹੇ ਹਨ। ਜਲਦ ਹੀ ਹਲਕੇ ਦੀ ਨੁਹਾਰ ਬਦਲਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਈ ਵੱਡੇ ਪ੍ਰਾਜੈਕਟਾਂ ਨੂੰ ਹਲਕੇ ਵਿਚ ਲਿਆਉਣ ਦੀ ਯੋਜਨਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਮਹੀਨੇ ’ਚ 300 ਯੂਨਿਟ ਬਿਜਲੀ ਮਾਫ਼ੀ ਦੀ ਗਾਰੰਟੀ ਪੂਰੀ ਕਰਨ ’ਤੇ ਧੰਨਵਾਦ ਵੀ ਕੀਤਾ ਗਿਆ ਹੈ।