ਸਿੱਧੂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ’ਤੇ ਲਾਇਆ ਵੱਡਾ ਨਿਸ਼ਾਨਾ, ਕਿਹਾ- ਰਬੜ ਦਾ ਗੁੱਡਾ ਹੈ ਸੀਐੱਮ

sidhu/nawanpunjab.com

ਚੰਡੀਗੜ੍ਹ, 21 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ ‘ਚ ਪਰਚੇ ਕੱਟੇ ਜਾ ਰਹੇ ਹਨ। ਅਸਲ ‘ਚ ਨਵਜੋਤ ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਕਰੀਬ 17 ਮਿੰਟਾਂ ਦੀ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ ‘ਤੇ ਉਨ੍ਹਾਂ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਨਵਤੇਜ ਸਿੰਘ ਚੀਮਾ ਵੀ ਪਹੁੰਚੇ ਸਨ।

ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੀ ਜਨਤਾ ਨੂੰ ਝੂਠੇ ਸੁਫ਼ਨੇ ਦਿਖਾਏ ਹਨ ਅਤੇ ਸਰਕਾਰ ਚਲਾਉਣਾ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ ‘ਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਦਿੱਲੀ ਮਾਡਲ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ ਸਿਆਸੀ ਸੁਆਰਥਾਂ ਲਈ ਪੰਜਾਬ ਪੁਲਸ ਦਾ ਇਸਤੇਮਾਲ ਕਰ ਰਹੇ ਹਨ।

Leave a Reply

Your email address will not be published. Required fields are marked *