ਚੰਡੀਗੜ੍ਹ, 21 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਦਖ਼ਲ ਦੇ ਕੇ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਲਈ ਕੇਂਦਰ ਸਰਕਾਰ ਵਲੋਂ ਦਿੱਤੀ ਵਿਸ਼ੇਸ਼ ਛੋਟ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਦੀ ਰਿਹਾਈ ਕਰਵਾਉਣ।
ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ‘ਤੇ ਪੱਤਰ ਲਿਖ ਕੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਮਾਮਲਾ ਹੈ ਕਿ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਪਹਿਲਾਂ ਪ੍ਰੋ. ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਤੁਸੀਂ ਆਪ ਆਖਿਆ ਸੀ ਕਿ ਤੁਸੀਂ ਸਜ਼ਾ ਸਮੀਖਿਆ ਬੋਰਡ ਨੂੰ ਹਦਾਇਤ ਦਿੱਤੀ ਹੈ ਕਿ ਉਹ ਮੀਟਿੰਗ ਕਰੇ ਅਤੇ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਦੇ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ।