ਚੰਡੀਗੜ੍ਹ, 7 ਮਈ – ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਇੱਥੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਆਗੂ ਬੱਗਾ ਦੀ ਗ੍ਰਿਫ਼ਤਾਰੀ ਮਾਮਲੇ ‘ਚ ਹਰਿਆਣਾ ਅਤੇ ਦਿੱਲੀ ਦੀ ਪੁਲਸ ਨੇ ਪੰਜਾਬ ਪੁਲਸ ਦੀ ਕਾਰਵਾਈ ‘ਚ ਜੋ ਦਖ਼ਲ-ਅੰਦਾਜ਼ੀ ਕੀਤੀ ਹੈ, ਉਹ ਬੇਹੱਦ ਹੀ ਗਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ ਸਬੰਧੀ ਦਖ਼ਲ ਦੇਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਦਾਲਤ ਨੂੰ ਮੰਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਦਾ ਉਸ ਨੂੰ ਸਬਕ ਸਿਖਾਇਆ ਜਾਵੇ।
ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਕਾਨੂੰਨ ਦੇ ਮੁਤਾਬਕ ਚੱਲੇਗਾ ਨਾ ਕਿ ਗੁੰਡਾਗਰਦੀ ਨਾਲ। ਉਨ੍ਹਾਂ ਕਿਹਾ ਕਿ ਤੇਜਿੰਦਰ ਪਾਲ ਸਿੰਘ ਬੱਗਾ ‘ਤੇ ਵੱਖ-ਵੱਖ ਸੂਬਿਆਂ ‘ਚ ਵੱਖ-ਵੱਖ ਮੁਕੱਦਮੇ ਚੱਲ ਰਹੇ ਹਨ ਅਤੇ ਇਸ ਤਰ੍ਹਾਂ ਦੇ ਵਿਅਕਤੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੂਰੇ ਦੇਸ਼ ‘ਚ ਬੇਰੁਜ਼ਗਾਰੀ ਛਾਈ ਹੋਈ ਹੈ ਪਰ ਦੇਸ਼ ਦੀ ਸਰਕਾਰ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਅਜਿਹੇ ਮੁੱਦਿਆਂ ਸਬੰਧੀ ਦੇਸ਼ ਦਾ ਮਾਹੌਲ ਖ਼ਰਾਬ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਹੰਕਾਰੀ ਭਾਜਪਾ ਸਰਕਾਰ ਨੂੰ ਸਿਰਫ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਹੀ ਚੈਲੰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਤਾਨਾਸ਼ਾਹੀ ਵੱਲ ਖੁੱਲ੍ਹਾ ਨਹੀਂ ਛੱਡਿਆ ਜਾ ਸਕਦਾ।