ਨਿਜ਼ਾਮਪੁਰ ਗੁਰਦੁਆਰਾ ਸਾਹਿਬ ਕਤਲ ਕਾਂਡ ’ਚ ਨਵਾਂ ਮੋੜ, ਬਰਜਿੰਦਰ ਸਿੰਘ ਪਰਵਾਨਾ ਦਾ ਨਾਮ ਆਇਆ ਸਾਹਮਣੇ

parwana/nawanpunjab.com

ਕਪੂਰਥਲਾ- ਬੀਤੇ ਸਾਲ 18-19 ਦਸੰਬਰ ਦੀ ਦੇਰ ਰਾਤ ਪਿੰਡ ਨਿਜ਼ਾਮਪੁਰ ਦੇ ਇਕ ਗੁਰਦੁਆਰਾ ਸਾਹਿਬ ’ਚ ਦਾਖਲ ਇਕ ਲੜਕੇ ਦਾ ਕੁੱਟ-ਕੁੱਟ ਕੇ ਕਤਲ ਕਰਨ ਦੇ ਮਾਮਲੇ ’ਚ ਮੰਗਲਵਾਰ ਨੂੰ ਉਸ ਸਮੇਂ ਇਕ ਵੱਡਾ ਮੋੜ ਆਇਆ, ਜਦੋਂ ਪਟਿਆਲਾ ਹਿੰਸਾ ਦੇ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨੌਜਵਾਨ ਦੇ ਕਤਲ ਦੇ ਮਾਮਲੇ ’ਚ ਨਾਮਜ਼ਦ ਕਰਦੇ ਹੋਏ ਪਰਵਾਨਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਰੋਪੜ ਜੇਲ ਤੋਂ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਬੀਤੇ ਸਾਲ 18-19 ਦਸੰਬਰ ਦੀ ਦੇਰ ਰਾਤ ਨੂੰ ਕਪੂਰਥਲਾ-ਸੁਭਾਨਪੁਰ ਮਾਰਗ ’ਤੇ ਪੈਂਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਇਕ 14-15 ਸਾਲ ਦਾ ਲੜਕਾ ਦਾਖਲ ਹੋ ਗਿਆ ਸੀ, ਜਿਸ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਮਰਜੀਤ ਸਿੰਘ ਨੇ ਫੜ ਲਿਆ ਸੀ, ਜਿਸ ਦੀ ਬਾਅਦ ’ਚ ਕਾਫੀ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

ਇਸ ਮਾਮਲੇ ’ਚ ਕਪੂਰਥਲਾ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਕਤਲ ਦਾ ਮਾਮਲਾ ਦਰਜ ਕਰਕੇ ਅਮਰਜੀਤ ਸਿੰਘ ਤੇ ਉਸਦੇ ਸਾਥੀ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਉਥੇ ਹੀ ਪਿਛਲੇ ਦਿਨੀਂ ਪਟਿਆਲਾ ’ਚ ਹੋਈ ਹਿੰਸਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਿਜ਼ਾਮਪੁਰ ਦੀ ਘਟਨਾ ਦੇ ਦਿਨ ਫੇਸਬੁੱਕ ’ਤੇ ਲੋਕਾਂ ਨੂੰ ਗੁਰਦੁਆਰਾ ਸਾਹਿਬ ’ਚ ਫੜੇ ਗਏ ਨੌਜਵਾਨ ਨੂੰ ਕਰਾਰਾ ਸਬਕ ਸਿਖਾਉਣ ਅਤੇ ਉਸ ਨੂੰ ਮਾਰਨ ਦੀਆਂ ਗੱਲਾਂ ਕਹਿਣ ਨੂੰ ਲੈ ਕੇ ਕਤਲ ਮਾਮਲੇ ’ਚ ਸ਼ਾਮਲ ਕਰ ਲਿਆ। ਗ੍ਰਿਫਤਾਰ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *