ਚੰਡੀਗੜ੍ਹ, 20 ਮਈ– ਪੰਜਾਬ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।
ਇੱਥੇ ਆਪਣੇ ਅਧਿਕਾਰਕ ਗ੍ਰਹਿ ਵਿਖੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ।