ਜਲੰਧਰ 10 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤਕ ਸ਼ਹੀਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ। ਹੁਣ ਸਰਕਾਰ ਉਨ੍ਹਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ।
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਇਸ ਫ਼ੈਸਲੇ ਨੂੰ ਲਾਗੂ ਕੀਤਾ ਜਾਵੇਗਾ। ਸਰਕਾਰ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਪਹਿਲਾਂ ਸਿਰਫ਼ ਆਜ਼ਾਦੀ ਘੁਲਾਟੀਆਂ ਨੂੰ ਹੀ ਇਹ ਸਹੂਲਤ ਮਿਲਦੀ ਸੀ ਪਰ ਹੁਣ ਉਨ੍ਹਾਂ ਦੇ ਬੱਚਿਆਂ ਅਤੇ ਪੋਤਰੇ-ਪੋਤਰੀਆਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਅਤੇ ਦਿੱਲੀ ਵਿਚ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਦੇ ਜੋ ਅੰਕੜੇ ਮੰਗਵਾਏ ਹਨ, ਉਹ ਕਾਫ਼ੀ ਹੈਰਾਨ ਕਰਨ ਵਾਲੇ ਹਨ।
ਦਿੱਲੀ ਦੇ ਮੁਕਾਬਲੇ ਪੰਜਾਬ ਵਿਚ ਸਰਕਾਰ ਵੱਲੋਂ 10,000 ਕਰੋੜ ਤੋਂ ਵੱਧ ਦੀ ਮੁਫ਼ਤ ਬਿਜਲੀ ਵੱਖ-ਵੱਖ ਵਰਗਾਂ ਨੂੰ ਦਿੱਤੀ ਜਾ ਰਹੀ ਹੈ, ਜਿਨ੍ਹਾਂ ਵਿਚ ਕਿਸਾਨ, ਦਲਿਤ, ਆਜ਼ਾਦੀ ਘੁਲਾਟੀਏ ਅਤੇ ਹੋਰ ਵਰਗ ਸ਼ਾਮਲ ਹਨ। ਕੈਪਟਨ ਸਰਕਾਰ ਦਾ ਕਹਿਣਾ ਹੈ ਕਿ ਇਸ ਦੇ ਮੁਕਾਬਲੇ ’ਚ ਦਿੱਲੀ ਵਿਚ ਸਿਰਫ਼ 2,000 ਤੋਂ 2,200 ਕਰੋੜ ਤਕ ਦੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਵੱਲੋਂ ਬਿਜਲੀ ’ਚ ਦਿੱਤੀ ਜਾ ਰਹੀ ਰਾਹਤ ਦੇ ਮਾਮਲੇ ’ਤੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ‘ਤੇ ਸਿਆਸੀ ਹਮਲਾ ਬੋਲਿਆ ਜਾਵੇਗਾ।