ਜਲੰਧਰ/ਮਾਨਸਾ, 2 ਜੂਨ (ਬਿਊਰੋ)– ਗੋਲ਼ੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਈ ਸਿਆਸੀ ਆਗੂ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਅਕਾਲੀ ਆਗੂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਕੀਤਾ ਗਿਆ। ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਸਨ। ਇਸ ਦੇ ਇਲਾਵਾ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦੇ ਪਿਤਾ ਨਾਲ ਦੁੱਖ਼ ਸਾਂਝਾ ਕੀਤਾ।
ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।