ਅੰਮ੍ਰਿਤਸਰ- ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ’ਚ ਕਾਲੇ ਦਿਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਜ਼ਾਲਮ ਸਰਕਾਰ ਨੇ ਹਮਲਾ ਕਰਕੇ ਹਜ਼ਾਰਾਂ ਬੇਗੁਨਾਹ ਬੀਬੀਆਂ, ਬੱਚਿਆਂ ਤੇ ਸਿੰਘਾਂ, ਜਿਹੜੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਜੋੜ ਮੇਲੇ ’ਤੇ ਦਰਸ਼ਨਾਂ ਲਈ ਆਏ ਸਨ, ਨੂੰ ਸ਼ਹੀਦ ਕਰ ਦਿੱਤਾ ਸੀ ਪਰ ਦੂਜੇ ਪਾਸੇ ਇਹ ਦਿਹਾੜਾ ਸਿੱਖ ਕੌਮ ਵਾਸਤੇ ਫ਼ਖ਼ਰ ਵਾਲਾ ਹੈ ਕਿ ਇਤਿਹਾਸ ਨੂੰ ਦੁਹਰਾਉਂਦਿਆਂ ਮੁੱਠੀ ਭਰ ਸਿੰਘਾਂ ਨੇ ਦਰਬਾਰ ਸਾਹਿਬ ਦੀ ਰਾਖੀ ਕਰਦਿਆਂ ਤਿੰਨ ਦੇਸ਼ਾਂ ਦੀ ਸਾਂਝੀ ਸਾਜ਼ਿਸ਼ ਨਾਲ ਹਮਲਾ ਕਰ ਰਹੀ ਭਾਰਤ ਦੀ ਵੱਡੀ ਫੌਜ ਦੇ ਛੱਕੇ ਛੁਡਾਏ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ’ਚ ਪੁੱਜੀਆਂ ਸ਼ਖ਼ਸੀਅਤਾਂ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚ ਸਰਬੱਤ ਖਾਲਸਾ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਜਰਨੈਲ ਸਿੰਘ ਸਖ਼ੀਰਾ, ਭਾਈ ਵੱਸਣ ਸਿੰਘ ਜ਼ੱਫਰਵਾਲ, ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਭੂਪਿੰਦਰ ਸਿੰਘ ਛੇ ਜੂਨ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਹਰਪਾਲ ਸਿੰਘ ਬਲੇਰ, ਹਰਬੀਰ ਸਿੰਘ ਸੰਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਭਾਈ ਮਹਾਬੀਰ ਸਿੰਘ, ਬਲਵਿੰਦਰ ਸਿੰਘ ਕਾਲਾ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਸਿੱਖ ਸੰਗਤਾਂ ਮੌਜੂਦ ਸਨ।