ਪਠਾਨਕੋਟ- ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਮਿਲਣ ’ਤੇ ਪਠਾਨਕੋਟ ਦੇ ਪਿੰਡ ਮਾਈੜਾ ਕਲਾਂ ਵਿੱਚ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਕ੍ਰੱਸ਼ਰ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਪੋਕਲੇਨ ਮਸ਼ੀਨ, ਟਰੈਕਟਰ-ਟਰਾਲੀ ਅਤੇ ਇਕ ਟਰੈਕਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੱਸ ਦੇਈਏ ਕਿ ਕ੍ਰਿਸ਼ਨਾ ਸਟੋਨ ਕ੍ਰੱਸ਼ਰ ਸਾਬਕਾ ਵਿਧਾਇਕ ਦੀ ਪਤਨੀ ਦੇ ਨਾਂ ‘ਤੇ ਹੈ, ਜਿਥੇ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਸ਼ਿਕਾਇਤ ਮਿਲੀ ਸੀ।
ਇਸ ਮਾਮਲੇ ਨੂੰ ਲੈ ਕੇ ਤਾਰਾਗੜ੍ਹ ਦੀ ਪੁਲਸ ਨੇ ਕ੍ਰੱਸ਼ਰ ਅਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਨੇ ਨਾਜ਼ਾਇਜ਼ ਮਾਈਨਿੰਗ ਨੂੰ ਲੈ ਕੇ ਇਕ ਵੀਡੀਓ ਵਾਇਰਲ ਕੀਤੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ਵਿੱਚ ਆ ਕੇ ਇਹ ਕਾਰਵਾਈ ਕੀਤੀ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਜੋਗਿੰਦਰ ਦੇ ਖ਼ਿਲਾਫ਼ ਭੋਆ ਇਲਾਕੇ ‘ਚ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲੱਗ ਚੁੱਕੇ ਹਨ। ਇਸ ਸਬੰਧ ’ਚ ਵਿਰੋਧੀਆਂ ਵਲੋਂ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਦੇ ਕਰੱਸ਼ਰ ‘ਤੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਿਆਸੀ ਹਲਕਿਆਂ ‘ਚ ਚਰਚਾ ਸ਼ੁਰੂ ਹੋ ਗਈ ਹੈ।