ਜਲੰਧਰ ‘ਚ ਕਾਂਗਰਸ ਦਾ ਹੱਲਾ ਬੋਲ, ਰਾਜਾ ਵੜਿੰਗ ਦੀ ਅਗਵਾਈ ‘ਚ ਘੇਰਿਆ ਈ. ਡੀ. ਦਫ਼ਤਰ

raja/nawanpunjab.com

ਜਲੰਧਰ, 13 ਜੂਨ-  ਈ. ਡੀ. ਦਫ਼ਤਰ ਵੱਲੋਂ ਰਾਹੁਲ ਗਾਂਧੀ ਨੂੰ ਨੈਸ਼ਨਲ ਹੇਰਾਲਡ ਮਾਮਲੇ ’ਚ ਸੰਮੰਨ ਭੇਜੇ ਜਾਣ ਦੇ ਵਿਰੋਧ ’ਚ ਕਾਂਗਰਸੀ ਆਗੂਆਂ ਵੱਲੋਂ ਜਲੰਧਰ ਵਿਖੇ ਈ. ਡੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ’ਚ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਲਾਡੀ ਸ਼ੇਰੋਵਾਲੀਆ ਅਤੇ ਮੇਅਰ ਜਗਦੀਸ਼ ਰਾਜ ਰਾਜਾ ਪਹੁੰਚੇ ਹਨ। ਧਰਨੇ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ। ਪੁਲਸ ਵੱਲੋਂ ਧਰਨੇ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਦਰਅਸਲ ਕਾਂਗਰਸ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ’ਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਸੰਮੰਨ ਦਿੱਤੇ ਜਾਣ ਦੇ ਵਿਰੋਧ ’ਚ ਅੱਜ ਸਥਾਨਕ ਕੂਲ ਰੋਡ ’ਤੇ ਸਥਿਤ ਈ. ਡੀ. ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਕੌਂਸਲਰਾਂ ਸਮੇਤ ਅਨੇਕ ਕਾਂਗਰਸ ਆਗੂ ਸ਼ਾਮਲ ਹੋਏ। ਈ. ਡੀ. ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਮਨ ਜਾਰੀ ਕਰਕੇ ਨੈਸ਼ਨਲ ਹੈਰਾਲਡ ਸੂਚਨਾ ਪੱਤਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਨੂੰ ਕਿਹਾ ਹੈ। ਉਥੇ ਹੀ ਇਸ ਮਾਮਲੇ ’ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਅੱਜ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਇਹ ਮਾਮਲਾ ਕਾਂਗਰਸ ਵੱਲੋਂ ਸੰਚਾਲਿਤ ਨੈਸ਼ਨਲ ਹੈਰਾਲਡ ਸੂਚਨਾ ਪੱਤਰ ਦੀ ਮਾਲਕ ਯੰਗ ਇੰਡੀਅਨ ਕੰਪਨੀ ’ਚ ਕਥਿਤ ਵਿੱਤੀ ਬੇਨਿਯਮੀ ਦੀ ਜਾਂਚ ਨਾਲ ਸਬੰਧਤ ਹੈ।

ਇਸ ਸਬੰਧ ’ਚ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਦੋਸ਼ ਲਾਇਆ ਕਿ ਇਸ ਪੂਰੇ ਮਾਮਲੇ ’ਚ ਕੇਂਦਰ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਰਕਾਰੀ ਏਜੰਸੀਆਂ ਦੀ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਦੁਰਵਰਤੋਂ ਕਰ ਰਹੀ ਹੈ। ਟਾਹਲੀ ਅਤੇ ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਵਿਰੁੱਧ ਦੇਸ਼ ਨੂੰ ਗੁੰਮਰਾਹ ਕਰਨ ਲਈ ਇਹ ਕਾਇਰਤਾ ਭਰੀ ਸਾਜ਼ਿਸ਼ ਰਚੀ ਹੈ, ਜਿਸ ਦਾ ਕਾਂਗਰਸ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਆਲ ਇੰਡੀਆ ਮਹਿਲਾ ਕਾਂਗਰਸ ਦੀ ਕੋਆਰਡੀਨੇਟਰ ਡਾ. ਜਸਲੀਨ ਅਤੇ ਸੀਨੀਅਰ ਕਾਂਗਰਸ ਆਗੂ ਸੰਜੂ ਅਰੋੜਾ ਨੇ ਕਿਹਾ ਕਿ ਕਾਂਗਰਸ ਅਜਿਹੀ ਧੱਕੇਸ਼ਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

Leave a Reply

Your email address will not be published. Required fields are marked *