ਜਲੰਧਰ- ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਆਏ 100 ਦਿਨ ਹੋ ਗਏ ਹਨ। ਇਨ੍ਹਾਂ 100 ਦਿਨਾਂ ’ਚ ਜਿੱਥੇ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ’ਚ ਕਾਫ਼ੀ ਹੱਦ ਤੱਕ ਕਾਮਯਾਬ ਹੋਈ ਹੈ, ਉੱਥੇ ਕਈ ਪ੍ਰਾਪਤੀਆਂ ਵੀ ਸਰਕਾਰ ਦੀ ਝੋਲੀ ’ਚ ਹਨ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਆਸੀ ਖੇਤਰ ’ਚ ਇਕ ਸੁਲਝੇ ਹੋਏ ਨੌਜਵਾਨ ਆਗੂ ਵਜੋਂ ਪਛਾਣ ਮਿਲ ਰਹੀ ਹੈ। ਪੰਜਾਬ ’ਚ ਮੁੱਖ ਮੰਤਰੀਆਂ ਵਜੋਂ ਜੇਕਰ ਨਾਂ ਲਏ ਜਾਣ ਤਾਂ ਹੁਣ ਤੱਕ ਪ੍ਰਕਾਸ਼ ਸਿੰਘ ਬਾਦਲ, ਕੈਪ. ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਚਰਚਾ ਦਾ ਵਿਸ਼ਾ ਰਹੇ ਹਨ ਪਰ ਭਗਵੰਤ ਮਾਨ ਇਨ੍ਹਾਂ ਸਾਰੇ ਆਗੂਆਂ ਤੋਂ ਵੱਖਰਾ ਅਕਸ ਬਣਾਉਣ ’ਚ ਕਾਮਯਾਬ ਹੋ ਰਹੇ ਹਨ।
ਹਾਲਾਂਕਿ ਵਿੱਤੀ ਸੰਕਟ ਨਾਲ ਜੂਝ ਰਹੀ ਮਾਨ ਸਰਕਾਰ ਨੂੰ ਭਾਵੇਂ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਅਜੇ ਸਮਾਂ ਲੱਗ ਸਕਦਾ ਹੈ ਪਰ 100 ਦਿਨਾਂ ਦੇ ਕਾਰਜਕਾਲ ਦੌਰਾਨ ਲਏ ਗਏ ਅਹਿਮ ਫ਼ੈਸਲੇ, ਜਿਨ੍ਹਾਂ ’ਚ ਭ੍ਰਿਸ਼ਟਾਚਾਰ ਮੁੱਖ ਮੁੱਦਾ ਰਿਹਾ, ਜਿਸ ਕਾਰਨ ਪੰਜਾਬ ਦੇ ਲੋਕ ਸਭ ਤੋਂ ਵੱਧ ਪਰੇਸ਼ਾਨ ਸਨ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੌਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਉੱਥੇ ਹੀ ਆਪਣੀ ਸਰਕਾਰ ਤੱਕ ਆ ਰਹੇ ਭ੍ਰਿਸ਼ਟਾਚਾਰ ਦੇ ਸੇਕ ਨੂੰ ਕਾਬੂ ਕਰਨ ਲਈ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਸਲਾਖਾਂ ਪਿੱਛੇ ਪਹੁੰਚਾਉਣਾ ਲੋਕਾਂ ਵੱਲੋਂ ਖ਼ੂਬ ਸਲਾਹਿਆ ਜਾ ਰਿਹਾ ਹੈ। ਦੂਜੇ ਪਾਸੇ ਕਾਨੂੰਨ ਵਿਵਸਥਾ ਦੇ ਫਰੰਟ ’ਤੇ ਨਾਕਾਮ ਸਾਬਤ ਹੋ ਰਹੀ ਸਰਕਾਰ ਭਾਵੇਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਮੋਹਾਲੀ ਸਥਿਤ ਇੰਟੈਲੀਜੈਂਸ ਦੇ ਮੁੱਖ ਦਫ਼ਤਰ ’ਤੇ ਹਮਲੇ ਵਰਗੀਆਂ ਘਟਨਾਵਾਂ ਨੂੰ ਰੋਕਣ ’ਚ ਅਸਫ਼ਲ ਸਾਬਿਤ ਹੋਈ ਹੈ, ਉੱਥੇ ਹੀ ਉਹ ਸਿੱਧੂ ਮੂਸੇਵਾਲਾ ਵੀ ਇਸ ਕੇਸ ਨੂੰ ਸੁਲਝਾਉਂਦੇ ਨਜ਼ਰ ਆ ਰਹੀ ਹੈ।