ਚੰਡੀਗੜ੍ਹ/ਜਲੰਧਰ (ਬਿਊਰੋ) : ਏ. ਡੀ. ਜੀ. ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪ੍ਰਮੋਦ ਬਾਨ ਨੇ ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਕ ਯੋਜਨਾਬੱਧ ਆਪ੍ਰੇਸ਼ਨ ’ਚ ਪੰਜਾਬ ਪੁਲਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 9 ਹਥਿਆਰ ਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਸ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ, ਮੋਹਾਲੀ ਦੇ ਨਵਾਂਸ਼ਹਿਰ ਬਡਾਲਾ ਦੇ ਸਾਗਰ ਸਿੰਘ, ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ, ਲੋਹੀਆਂ, ਜਲੰਧਰ ਦਾ ਨਵੀ, ਨਕੋਦਰ, ਜਲੰਧਰ ਦੇ ਅੰਕੁਸ਼ ਸੱਭਰਵਾਲ ਉਰਫ ਪਾਯਾ, ਊਨਾ (ਐੱਚ.ਪੀ.) ਦੇ ਸੁਮਿਤ ਜਸਵਾਲ ਉਰਫ਼ ਕਾਕੂ, ਫਿਲੌਰ, ਜਲੰਧਰ ਦਾ ਅਮਨਦੀਪ ਉਰਫ਼ ਸ਼ੂਟਰ, ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ, ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਜਲੰਧਰ, ਊਨਾ (ਐੱਚ.ਪੀ.) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜੋ ਘਿਨੌਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।
ਏ.ਡੀ.ਜੀ.ਪੀ. ਪ੍ਰਮੋਦ ਬਾਨ ਜਿਨ੍ਹਾਂ ਨਾਲ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ’ਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ’ਚ ਸ਼ਾਮਲ ਸੀ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਸ ਨੇ ਘੱਟੋ-ਘੱਟ 7 ਕਤਲ, ਦੋ ਪੁਲਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।” ਏ. ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ’ਚ ਰਹਿ ਰਿਹਾ ਹੈ ਅਤੇ ਉਹ ਛੇ ਸੂਿਬਆਂ ਦੀ ਪੁਲਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇਕ ਸਾਲ ਤੋਂ ਲਾਪਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਕ ਹੋਰ ਵਿਅਕਤੀ, ਜਿਸ ਦੀ ਪਛਾਣ ਅੰਕੁਸ਼ ਸੱਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖ਼ਿਲਾਫ਼ ਛੇ ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ’ਚ ਨਕੋਦਰ ਦੇ ਇਕ ਆਈਲੈਟਸ ਸੈਂਟਰ ’ਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ। ਮਹਾਕਾਲ ਦੇ ਸੂਬੇ ’ਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ’ਚ ਤਿੰਨ ਅਪਰਾਧਾਂ ਨੂੰ ਅੰਜਾਮ ਵੀ ਦਿੱਤਾ ਸੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ’ਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ’ਚ ਇਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਸ ਹਿਰਾਸਤ ’ਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫ਼ਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ’ਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਸ ਨੇ ਸੂਬੇ ਭਰ ’ਚ ਵੱਖ-ਵੱਖ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 38 ਹਥਿਆਰ ਬਰਾਮਦ ਕੀਤੇ ਹਨ।