ਚੰਡੀਗੜ੍ਹ : ਸਾਲ 1992 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਕਾਰਜਕਾਰੀ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ। ਮੰਗਲਵਾਰ ਨੂੰ ਉਨ੍ਹਾਂ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਤੋਂ ਬਾਅਦ ਗੌਰਵ ਯਾਦਵ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਅਤੇ ਪੰਜਾਬ ਪੁਲਸ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਦੀ ਪਹਿਲ ਡਰਗੱਜ਼ ਅਤੇ ਗੈਂਗਸਟਰਾਂ ‘ਤੇ ਕੰਟਰੋਲ ਕਰਨਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਇਕ ਮਹਿਫੂਜ਼ ਲਾਅ ਐਂਡ ਆਰਡਰ ਸੂਬੇ ਨੂੰ ਦੇਵਾਂਗੇ ਅਤੇ ਪੰਜਾਬ ‘ਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਦੇ ਮੌਜੂਦਾ ਡੀ. ਜੀ. ਪੀ. ਵੀ. ਕੇ. ਭਾਵਰਾ 5 ਜੁਲਾਈ ਤੋਂ 2 ਮਹੀਨੇ ਦੀ ਛੁੱਟੀ ‘ਤੇ ਚਲੇ ਗਏ ਹਨ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਨਵਾਂ ਕਾਰਜਕਾਰੀ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ।
ਗੌਰਵ ਯਾਦਵ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਗੌਰਵ ਯਾਦਵ ਪੰਜਾਬ ਪੁਲਸ ‘ਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਵੀ ਉਹ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ।