ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀਆਂ ‘ਤੇ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਸਾਲ 2015 ‘ਚ ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਵੱਲੋਂ ਹਮੇਸ਼ਾ ਸਿਆਸਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪ੍ਰਤੀ ਇਨਸਾਫ਼ ਦੇਣ ਦੀ ਗੱਲ ਨੂੰ ਕਿਸੇ ਵੀ ਪਾਰਟੀ ਨੇ ਸੰਜੀਦਗੀ ਨਾਲ ਨਹੀਂ ਲਿਆ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਮੈਚ ਫਿਕਸਿੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀਆਂ ਹਦਾਇਤਾਂ ਨੂੰ ਲੈ ਕੇ ਐਡਵੋਕੇਟ ਜਨਰਲ ਦਫ਼ਤਰ ‘ਚ ਪੂਰੀ ਗੰਭੀਰਤਾ ਨਾਲ ਇਨ੍ਹਾਂ ਘਟਨਾਵਾਂ ਦੀ ਜਾਂਚ ਰਿਪੋਰਟ ਬਾਰੇ ਪੱਖ ਰੱਖਿਆ ਅਤੇ ਹਾਈਕੋਰਟ ਵੱਲੋਂ ਦੋਸ਼ੀਆਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਲੈ ਕੇ ਜੇਕਰ ਕੋਈ ਵੀ ਪਾਰਟੀ ਸਿਆਸੀ ਰੋਟੀਆਂ ਸੇਕੇਗੀ ਤਾਂ ਉਸ ਦਾ ਹਾਲ ਵੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਵਰਗਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਤੇ ਅਕਾਲੀ, ਕਾਂਗਰਸ ਸਰਕਾਰ ਦਾ ਕੰਮ ਕਰਨ ਦਾ ਫ਼ਰਕ ਸਿਰਫ ਇੰਨਾ ਹੀ ਹੈ ਕਿ ਆਪ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੁਆਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।