ਨਵੀਂ ਦਿੱਲੀ, 9 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ‘ਚ ਅੱਜ ਬੈਠਕ ਚੱਲ ਰਹੀ ਹੈ। ਇਸ ਬੈਠਕ ‘ਚ ਹਰਿਆਣਾ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਦਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਅਪੀਲ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡੀ ਸੌਗਾਤ ਦਿੱਤੀ ਹੈ।
ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।