ਅੰਮ੍ਰਿਤਸਰ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਸ ਵਲੋਂ ਇਸ ਕਾਰਵਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਅੰਜਾਮ ਦਿੱਤਾ ਗਿਆ ਹੈ। ਲਗਭਗ ਛੇ ਘੰਟੇ ਤੋਂ ਵੱਧ ਚੱਲੇ ਪੁਲਸ ਦੇ ਆਪਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਗਿਆ। ਇਸ ਦੌਰਾਨ ਦੋਵੇਂ ਪਾਸਿਓਂ 6 ਘੰਟੇ ਤੱਕ ਗੋਲੀਬਾਰੀ ਹੁੰਦੀ ਰਹੀ। ਪੁਲਸ ਨੇ ਦੱਸਿਆ ਹੈ ਕਿ ਦੋਵੇਂ ਸ਼ਾਰਪ ਸ਼ੂਟਰ ਪੁਲਸ ਦੀ ਜਵਾਬੀ ਕਾਰਵਾਈ ਵਿਚ ਮਾਰੇ ਗਏ ਹਨ। ਉਨ੍ਹਾਂ ਕੋਲੋਂ ਏ. ਕੇ. 47 ਵੀ ਬਰਾਮਦ ਹੋਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲ ਦੀ ਹਦਾਇਤ ਕੀਤੀ। ਇਸ ਮੁਕਾਬਲੇ ਦੌਰਾਨ ਇਕ ਨਿੱਜੀ ਚੈਨਲ ਦਾ ਪੱਤਰਕਾਰ ਗੋਲ਼ੀ ਲੱਗਣ ਕਾਰਣ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਸ ਵਲੋਂ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਭਕਨਾ ਪਹੁੰਚੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਪਿਛਲੇ 6 ਘੰਟੇ ਤੋਂ ਵੱਧ ਸਮੇਂ ਤੱਕ ਰੁੱਕ-ਰੁੱਕ ਕੇ ਫਾਇਰਿੰਗ ਹੁੰਦੀ ਰਹੀ।