ਚੰਡੀਗੜ੍ਹ/ਫਤਿਹਗੜ੍ਹ ਸਾਹਿਬ : ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ‘ਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ‘ਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।
ਪੁਲਸ ਨੇ ਮੁੱਖ ਸਪਲਾਇਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵੱਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂ. ਪੀ. ‘ਚ ਆਈ. ਟੀ. ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ‘ਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ।