ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ 25 ਜੁਲਾਈ ਤੱਕ ਰੋਕ ਲਾਈ ਸੀ।
ਅੱਜ ਇਸ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।