ਚੰਡੀਗੜ੍ਹ : ਕਾਂਗਰਸ ਵੱਲੋਂ ਮਹਿੰਗਾਈ, ਬੇਰੁਜ਼ਗਾਰੀ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਪੂਰੇ ਦੇਸ਼ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ‘ਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਰਾਜ ਭਵਨ ਵੱਲ ਵੱਧ ਰਹੇ ਕਾਂਗਰਸੀਆਂ ਨੂੰ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਰੁਕੇ। ਕਾਂਗਰਸੀ ਪੁਲਸ ਵੱਲੋਂ ਲਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਵੱਲੋਂ ਕਾਂਗਰਸੀ ਵਰਕਰਾਂ ‘ਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ। ਇਸ ਤੋਂ ਗੁੱਸੇ ‘ਚ ਆਏ ਕਾਂਗਰਸੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਕਾਂਗਰਸ ਦਾ ਕਹਿਣਾ ਹੈ ਕਿ ਦੇਸ਼ ‘ਚ ਮਹਿੰਗਾਈ ਆਪਣੇ ਸਿਖ਼ਰ ‘ਤੇ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮਹਿੰਗਾਈ ਘਟਾਉਣ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਭਾਜਪਾ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਆਮ ਲੋਕਾਂ ਦਾ ਜਿਊਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ‘ਤੇ ਵੀ ਜੀ. ਐੱਸ. ਟੀ. ਲਾਇਆ ਗਿਆ ਹੈ ਅਤੇ ਲੱਕ ਤੋੜਵੀਂ ਮਹਿੰਗਾਈ ਕਾਰਨ ਲੋਕਾਂ ਦਾ ਬੁਰਾ ਹਾਲ ਹੈ।