ਭਵਾਨੀਗੜ੍ਹ : ਨੇੜਲੇ ਪਿੰਡ ਘਰਾਚੋਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਯੂਨੀਅਨ ਤੇ ਪੁਲਿਸ ਪ੍ਰਸ਼ਾਸਨ ਆਹਮੋ ਸਾਹਮਣੇ ਹੋ ਗਿਆ। ਇਸ ਮੌਕੇ ਪਿੰਡ ਘਰਾਚੋਂ ਵਿੱਚ ਡੀਐੱਸਪੀ ਭਵਾਨੀਗੜ੍ਹ ਮੋਹਿਤ ਅਗਰਵਾਲ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਤਾਇਨਾਤ ਹੈ ਤੇ ਪੁਲਿਸ ਨੇ ਕਿਸਾਨ ਯੂਨੀਅਨ ਦੇ ਕਰੀਬ ਅੱਧੀ ਦਰਜਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿੰਡ ਵਿਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ।
ਜਾਣਕਾਰੀ ਅਨੁਸਾਰ ਇਕ ਪਰਿਵਾਰ ਵਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ‘ਚ ਤਣਾਤਣੀ ਚੱਲ ਰਹੀ ਸੀ। ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਪਰਿਵਾਰ ਦੇ ਹੱਕ ਅਤੇ ਪੰਚਾਇਤ ਖਿਲਾਫ਼ ਥਾਣੇ ਦਾ ਘਿਰਾਓ ਵੀ ਕੀਤਾ ਸੀ। ਅੱਜ ਸੋਮਵਾਰ ਨੂੰ ਪੁਲਿਸ ਨੇ ਉਕਤ ਪਰਿਵਾਰ ਦੇ ਘਰ ਦੀ ਦੀਵਾਰ ਨੂੰ ਜੇਸੀਬੀ ਮਸ਼ੀਨ ਦੀ ਸਹਾਇਤਾ ਨਾਲ ਡੇਗ ਦਿੱਤਾ ਜਿਸ ਦਾ ਵਿਰੋਧ ਕਰ ਰਹੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਖਿੱਚ-ਧੂਹ ਕਰ ਕੇ ਪੁਲਿਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਕਿਸਾਨ ਯੂਨੀਅਨ ਦੇ ਕਾਰਕੁੰਨ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਪਿੰਡ ਵਿੱਚ ਇਕੱਤਰ ਹੋਣੇ ਸ਼ੁਰੂ ਹੋ ਗਏ ਤੇ ਪਿੰਡ ਦੇ ਬੱਸ ਸਟੈਂਡ ‘ਤੇ ਧਰਨਾ ਲਾ ਕੇ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।