ਸੰਗਰੂਰ, 10 ਸਤੰਬਰ- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮਹਾਂ ਰੈਲੀ ਸ਼ੁਰੂ ਹੋ ਚੁੱਕੀ ਹੈ। ਰੈਲੀ ‘ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਪਹੁੰਚੇ ਹਨ। ਫ਼ਰੰਟ ਦੇ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੂਜੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲਬਾਤ ਨਹੀਂ ਸੁਣ ਰਹੀ।
ਚੋਣਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਸਗੋਂ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਮੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਗਾਂ ‘ਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣਾ, ਮਾਣ ਭੱਤਾ ਅਤੇ ਹੋਰ ਕਈ ਭੱਤਿਆਂ ਸਮੇਤ ਪੂਰੀਆਂ ਤਨਖ਼ਾਹਾਂ ਦਿਵਾਉਣਾ, ਵਿਕਾਸ ਟੈਕਸ ਦੇ ਨਾਂ ਤੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਤਨਖ਼ਾਹਾਂ ‘ਚੋਂ 200 ਰੁਪਏ ਪ੍ਰਤੀ ਮਹੀਨਾ ਕੱਟਿਆ ਜਾ ਰਿਹਾ ਜਜ਼ੀਆ ਟੈਕਸ ਬੰਦ ਕਰਵਾਉਣਾ ਹਨ।