ਜਲੰਧਰ/ਚੰਡੀਗੜ੍ਹ— ਅਗਨੀਪਥ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਫ਼ੌਜ ’ਚ ਨਵੀਂ ਭਰਤੀ ਲਈ ਹੋਰਨਾਂ ਸੂਬਿਆਂ ’ਚ ਵੀ ਕਰਵਾਈ ਜਾ ਰਹੀ ਅਗਨੀਵੀਰ ਭਰਤੀ ਰੈਲੀ ਲਈ ਪੰਜਾਬ ’ਚ ਵੀ ਪੂਰਾ ਸਹਿਯੋਗ ਦਿਓ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਆਰਮੀ ਅਥਾਰਿਟੀਆਂ ਨੂੰ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਸੀ. ਐੱਮ. ਮਾਨ ਨੇ ਕਿਹਾ ਕਿ ਭਰਤੀ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਬੇ ਵਿਚੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਫ਼ੌਜ ’ਚ ਭਰਤੀ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇ। ਦਰਅਸਲ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅਗਨੀਵੀਰਾਂ ਦੀ ਭਰਤੀ ਲਈ ਸਹਿਯੋਗ ਨਹੀਂ ਕਰ ਰਹੀ ਹੈ, ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਦਲੀਲ ਦਿੱਤੀ ਹੈ।
ਉਥੇ ਹੀ ਦੂਜੇ ਪਾਸੇ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਅਗਨੀਪਥ ਸਕੀਮ ’ਚ ਕੇਂਦਰ ਦਾ ਸਮਰਥਨ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਵੀ ਅਗਨੀਪਥ ਯੋਜਨਾ ’ਤੇ ਪੰਜਾਬ ਸਰਕਾਰ ਨੂੰ ਘੇਰੇ ’ਚ ਲਿਆ ਹੈ। ਉਧਰ, ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸੀ. ਐੱਮ. ਮਾਨ ਦੇ ਅਗਨੀਪਥ ਸਕੀਮ ’ਤੇ ਕੀਤੇ ਟਵੀਟ ਤੋਂ ਬਾਅਦ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਗਨੀਪਥ ਸਕੀਮ ਦਾ ਪਹਿਲਾਂ ਵੀ ਵਿਰੋਧ ਕਰਦੀ ਆ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।