ਧੰਨੁ ਧੰਨੁ ਰਾਮਦਾਸ ਗੁਰੁ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ੍ਰੀ ਗੁਰੂ ਰਾਮਦਾਸ ਜੀ ਗੁਰੂ-ਜੋਤਿ ਦੇ ਚੌਥੇ ਵਾਰਸ ਬਣੇ। ਆਪ ਨੇ ਲੋਕਾਈ ਦਾ ਜੀਵਨ ਰਾਹ ਰੋਸ਼ਨ ਕੀਤਾ ਤੇ ਜੀਵਨ ਜੁਗਤ ਸਮਝਾਈ। ਉਨ੍ਹਾਂ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਾਮਕਲੀ ਵਾਰ ਵਿਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ:

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥

ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥

ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥

ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥ (968)

ਨਿਮਰਤਾ ਦੇ ਪੁੰਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ ਹੈ। ਨਿਸ਼ਕਾਮ ਸੇਵਾ ਤੇ ਸੱਚੇ ਸਿਦਕ ਨਾਲ ਆਪ ਜੀ ਨੇ ਅਧਿਆਤਮ ਖੇਤਰ ਦੀ ਸਰਵਉੱਚ ਪਦਵੀ ਪ੍ਰਾਪਤ ਕੀਤੀ ਜਿਸ ਦੀ ਕਿਧਰੇ ਮਿਸਾਲ ਨਹੀਂ ਮਿਲਦੀ।

ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਇਆ ਕੌਰ ਜੀ ਦੀ ਕੁੱਖੋਂ 25 ਅੱਸੂ ਸੰਮਤ 1591 ਨੂੰ ਹੋਇਆ। ਪਰਿਵਾਰ ਨੇ ਆਪ ਜੀ ਦਾ ਨਾਮ ਜੇਠਾ ਰੱਖਿਆ। ਬਾਲ ਅਵਸਥਾ ਵਿਚ ਹੀ ਆਪ ਦੇ ਸਿਰ ਤੋਂ ਮਾਤਾ ਪਿਤਾ ਦਾ ਸਾਇਆ ਉਠ ਗਿਆ। ਮਾਤਾ ਪਿਤਾ ਦੇ ਚਲਾਣੇ ਉਪਰੰਤ ਆਪ ਦੇ ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ ਜਿਥੇ ਆਪ ਘੁੰਗਣੀਆਂ ਵੇਚ ਕੇ ਘਰ ਦੇ ਨਿਰਬਾਹ ਵਿਚ ਹਿੱਸਾ ਪਾਉਂਦੇ ਰਹੇ। ਬਾਸਰਕੇ ਪਿੰਡ ਸ੍ਰੀ ਗੁਰੂ ਅਮਰਦਾਸ ਜੀ ਦੀ ਨਗਰੀ ਸੀ ਜਿਥੋਂ ਅਕਸਰ ਸੰਗਤ ਗੁਰੂ ਜੀ ਦੇ ਦਰਸ਼ਨਾ ਨੂੰ ਗੋਇੰਦਵਾਲ ਜਾਇਆ ਕਰਦੀ ਸੀ। ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਵੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ ਦਰਬਾਰ ਵਿਚ ਸਵੇਰੇ-ਸ਼ਾਮ ਕਥਾ ਕੀਰਤਨ ਸਰਵਣ ਕਰਦਿਆਂ ਆਪ ਗੁਰੂ ਘਰ ਦੀ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ। ਇਸ ਦੌਰਾਨ ਭਾਈ ਜੇਠਾ ਜੀ ਨੇ ਆਪਣੇ ਨਿਰਬਾਹ ਲਈ ਘੁੰਗਣੀਆਂ ਵੇਚਣ ਦੀ ਕਾਰ ਵੀ ਜਾਰੀ ਰੱਖੀ। ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ। ਗੁਰੂ ਘਰ ਦਾ ਦਾਮਾਦ ਬਣ ਕੇ ਵੀ ਭਾਈ ਜੇਠਾ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ ਘਰ ਦੀ ਸੇਵਾ ਵਿਚ ਤਤਪਰ ਰਹੇ। ਸ੍ਰੀ ਗੁਰੂ ਅਮਰਦਾਸ ਜੀ ਭਾਈ ਜੇਠਾ ਜੀ ਦਾ ਸੇਵਾ ਭਾਵ ਤੇ ਅਣਥੱਕ ਘਾਲ ਦੇਖ ਕੇ ਬਹੁਤ ਪ੍ਰਸੰਨ ਸਨ। ਆਪ ਜੀ ਭਾਈ ਜੇਠਾ ਜੀ ਨੂੰ ਪਿਆਰ ਨਾਲ ਰਾਮਦਾਸ ਕਹਿ ਕੇ ਬਲਾਉਂਦੇ ਸਨ ਜਿਸ ਤੋਂ ਸੰਗਤਾਂ ਵਿਚ ਉਨ੍ਹਾਂ ਦਾ ਨਾਮ ਸ੍ਰੀ ਰਾਮਦਾਸ ਪੱਕ ਗਿਆ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਤੋਂ ਬਾਅਦ ਗੁਰਿਆਈ ਲਈ ਯੋਗ ਜਾਣਦਿਆਂ ਆਪ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ। ਗੁਰਗੱਦੀ ’ਤੇ ਸੁਭਾਇਮਾਨ ਹੋਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ ਜਿਸ ਨਾਲ ਗੁਰੂ ਘਰ ਦੀ ਵਡਿਆਈ ਚੁਫੇਰੇ ਫੈਲੀ। ਅੰਮ੍ਰਿਤਸਰ ਦੀ ਸਥਾਪਨਾ ਆਪ ਜੀ ਦਾ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਆਪ ਨੇ ਨਗਰ ‘ਗੁਰੂ ਕਾ ਚੱਕ’ ਵਸਾਇਆ ਜੋ ਬਾਅਦ ਵਿਚ ‘ਰਾਮਦਾਸਪੁਰ/ਚੱਕ ਰਾਮਦਾਸ’ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ‘ਸ੍ਰੀ ਅੰਮ੍ਰਿਤਸਰ’ ਵਜੋਂ ਮਸ਼ਹੂਰ ਹੋਇਆ। ਆਪ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਆਪ ਨੇ ਵੱਖ ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਮਿਸਾਲ ਬਣਿਆ। ਆਪ ਨੇ ਇਥੇ ਵੱਖ ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ। ‘ਮਸੰਦ’ ਪ੍ਰਣਾਲੀ ਦਾ ਆਰੰਭ ਵੀ ਆਪ ਦਾ ਅਹਿਮ ਫੈਸਲਾ ਸੀ। ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ ਜੋ ਸੰਗਤਾਂ ਤੋਂ ਗੁਰੂ ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿਚ ਵੀ ਆਪ ਦਾ ਵਡਮੁੱਲਾ ਯੋਗਦਾਨ ਹੈ।

ਸ੍ਰੀ ਗੁਰੂ ਰਾਮਦਾਸ ਜੀ ਨੇ ਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਦੀ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਅਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਇਹ ਸਾਡੀ ਅਧਿਆਤਮਿਕ ਤੇ ਸਮਾਜਿਕ ਅਗਵਾਈ ਕਰਦੀ ਹੋਈ ਚੰਗੇ ਜੀਵਨ ਜਿਊਣ ਲਈ ਮਾਰਗ ਦਰਸ਼ਨ ਦਿੰਦੀ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੀਆਂ ਬਹੁਤ ਬਖਸ਼ਿਸ਼ਾਂ ਹਨ। ਉਨ੍ਹਾਂ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਅਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵਧੇਰੇ ਅਤੇ ਅਸਰਦਾਇਕ ਹੈ। ਆਪ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੇਰੀ ਸਮੂਹ ਸਿੱਖ ਜਗਤ ਨੂੰ ਅਪੀਲ ਹੈ ਕਿ ਆਉ ਆਪਾਂ ਸਾਰੇ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ ਪੰਥ ਦੇ ਸਿਧਾਂਤਾਂ ਨੂੰ ਵਿਹਾਰਕ ਜੀਵਨ ਦਾ ਹਿੱਸਾ ਬਣਾਈਏ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Leave a Reply

Your email address will not be published. Required fields are marked *