ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮੀਟਿੰਗ ’ਚ ਕਈ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਡੀ. ਏ. ਯਾਨੀ ਕਿ ਮਹਿੰਗਾਈ ਭੱਤੇ ’ਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ।
ਪੰਜਾਬ ਕੈਬਨਿਟ ’ਚ ਲਏ ਗਏ ਫ਼ੈਸਲਿਆਂ ’ਚ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਨੌਕਰੀਆਂ ’ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ’ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਭਰਤੀਆਂ ਲਈ ਪੰਜਾਬੀ ਭਾਸ਼ਾ ’ਚ ਟੈਸਟ ਲਿਆ ਜਾਵੇਗਾ ਅਤੇ 50 ਫ਼ੀਸਦੀ ਨੰਬਰ ਲਿਆਉਣੇ ਲਾਜ਼ਮੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਵਜ਼ਾਰ ਦੀ ਹੋਈ ਮੀਟਿੰਗ ਦੌਰਾਨ ਲੰਬੇ ਸਮੇਂ ਤੋਂ ਪੈਂਡਿੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਵੀ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਮਾਈਨਿੰਗ ਮਾਫ਼ੀਆ ’ਤੇ ਠੱਲ ਪਾਉਣ ਲਈ ਮਾਲਕਾਂ ’ਤੇ ਪਰਚੇ ਦਰਜ ਕਰਨ ਦੇ ਨਾਲ ਹੀ ਵੱਡਾ ਜੁਰਮਾਨਾ ਵੀ ਲਾਇਆ ਜਾਵੇਗਾ। 2004 ਤੋਂ ਲੈ ਕੇ 2010 ਵਿਚਾਲੇ ਬਿਜਲੀ ਬੋਰਡ ’ਚ ਕੰਮ ਕਰਦਿਆਂ ਮੁਲਾਜ਼ਮਾਂ ਦੀ ਹੋਈ ਮੌਤ ’ਤੇ ਪਰਿਵਾਰਕ ਮੈਂਬਰਾਂ ’ਚੋਂ ਇਕ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।