ਕੋਟਕਪੂਰਾ- ਬੀਤੇ ਦਿਨ ਬੇਅਦਬੀ ਮਾਮਲੇ ‘ਚ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਲਾਕੇ ‘ਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਮ੍ਰਿਤਕ ਦੇ ਪਰਿਵਾਰ ਨੇ ਅੱਜ ਉਸ ਦਾ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਪਰਦੀਪ ਦੀ ਦੇਹ ਨੂੰ ਕੋਟਕਪੂਰਾ ਸਥਿਤ ਨਾਮ ਚਰਚਾ ਘਰ ‘ਚ ਰੱਖਿਆ ਗਿਆ ਹੈ। ਇਸ ਮੌਕੇ ਗੱਲ ਕਰਦਿਆਂ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਦੇ ਚੱਲਦਿਆਂ ਅੱਜ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਟਨਾ ਬਹੁਤ ਹੀ ਮੰਦਭਾਗੀ ਹੈ, ਜਿਸ ਨੇ ਹੱਸਦਾ-ਖੇਡਦਾ ਪਰਿਵਾਰ ਉਜਾੜ ਦਿੱਤਾ।
ਕਮੇਟੀ ਮੈਂਬਰ ਨੇ ਕਿਹਾ ਕਿ ਪਰਦੀਪ ‘ਤੇ ਜੋ ਬੇਅਦਬੀ ਦੇ ਦੋਸ਼ ਹਨ ਉਹ ਕਿਤੇ ਨਾ ਕਿਤੇ ਝੂਠੇ ਹਨ ਕਿਉਂਕਿ ਇਨ੍ਹਾਂ ਨੇ ਖ਼ੁਦ ਮਾਣਯੋਗ ਅਦਾਲਤ ‘ਚ ਜਾ ਕੇ ਅਪੀਲ ਕੀਤੀ ਸੀ ਕਿ ਜੇਕਰ ਅਸਲ ‘ਚ ਇਹ ਲੱਗਦਾ ਹੈ ਕਿ ਅਸੀਂ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਤਾਂ ਸਾਡੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਝੂਠ ਫੜਿਆ ਜਾ ਸਕੇ। ਉਸ ਤੋਂ ਬਾਅਦ ਇਕ ਜਾਂਚ ਟੀਮ ਵੱਲੋਂ ਇਨ੍ਹਾਂ ਦੇ ਟੈਸਟ ਵੀ ਕੀਤੇ ਗਏ ਪਰ ਉਹ ਨੈਗੇਟਿਵ ਰਹੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਬੇਅਦਬੀ ਮਾਮਲੇ ‘ਚ ਇਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਟੈਸਟ ਕਰਵਾਏ ਹਨ ਤਾਂ ਪੁਲਸ ਅਫ਼ਸਰਾਂ ਵੱਲੋਂ ਫਰਜ਼ੀ ਪਰਚੇ ਦਰਜ ਕਰਨ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਪੁਲਸ ਵੱਲੋਂ ਕੀਤੀ ਗਈ ਜਾਂਚ ਦੀ ਹੀ ਜਾਂਚ ਹੋਣੀ ਚਾਹੀਦੀ ਹੈ। ਪ੍ਰਸ਼ਾਸਨ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਕਮੇਟੀ ਮੈਂਬਰ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਲਾਸ਼ ਨੂੰ ਸੜਕ ‘ਤੇ ਰੱਖ ਕੇ ਵੀ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਸਕਦੀ ਹੈ।