ਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰੇ: ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।


ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਆਈ.ਐਸ.ਆਈ. ਪੰਜਾਬ ਵਿੱਚ ਚੋਣਵੇਂ ਕਤਲਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਿਆ ਜਾ ਸਕੇ ਅਤੇ ਅਸੀਂ ਪਹਿਲਾਂ ਵੀ ਕੁਝ ਹੱਤਿਆਵਾਂ ਦੇਖ ਚੁੱਕੇ ਹਾਂ, ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ।


ਸੂਬਾ ਕਾਂਗਰਸ ਪ੍ਰਧਾਨ ਨੇ ਸਰਹੱਦੀ ਸੂਬੇ ਦੇ ਇਨ੍ਹਾਂ ਗੰਭੀਰ ਹਾਲਾਤਾਂ ‘ਤੇ ਕੇਂਦਰ ਸਰਕਾਰ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਹੈਰਾਨੀ ਪ੍ਰਗਟ ਕੀਤੀ ਹੈ ਕਿ ਇਹ ਸਭ ਕੁਝ ਹੋਣ ਕਿਉਂ ਦਿੱਤਾ ਜਾ ਰਿਹਾ ਹੈ ਜਾਂ ਕੋਈ ਆਪਣੇ ਫਾਇਦੇ ਲਈ ਸੂਬੇ ਦਾ ਧਰੁਵੀਕਰਨ ਕਰਨਾ ਚਾਹੁੰਦਾ ਹੈ।


ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਾਉਣ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਗਾ ਕੇ ਜਾਂ ਨਵੇਂ ਅਸਲਾ ਲਾਇਸੰਸ ਜਾਰੀ ਕਰਨ ‘ਤੇ ਪਾਬੰਦੀ ਲਗਾ ਕੇ ਨਹੀਂ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ, ਕਿਉਂਕਿ ਅਪਰਾਧੀ ਅਤੇ ਗੈਂਗਸਟਰ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਇਸੈਂਸੀ ਹਥਿਆਰ ਨਹੀਂ ਵਰਤਦੇ ਅਤੇ ਗੀਤਾਂ ਤੋਂ ਪ੍ਰੇਰਿਤ ਨਹੀਂ ਹਨ।


ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚੋਂ ਸਰਕਾਰੀ ਤੰਤਰ ਪੂਰੀ ਤਰ੍ਹਾਂ ਗ਼ੈਰ ਹਾਜ਼ਰ ਹੋਣ ਕਾਰਨ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਹੈ, ਜਿਸ ਕਾਰਨ ਇਸਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਯਾਦ ਕਰਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪਿੱਛੇ ਛੱਡ ਕੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਨਹੀਂ ਚੁਣਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ, ਜਿਸ ਕਾਰਨ ਪੰਜਾਬ ਵਿੱਚ ਸ਼ਾਸਨ ਪ੍ਰਣਾਲੀ ’ਤੇ ਮਾੜਾ ਅਸਰ ਪਿਆ ਹੈ।


ਵੜਿੰਗ ਨੇ ਚੇਤਾਵਨੀ ਦਿੱਤੀ ਕਿ ਰਿਪੋਰਟਾਂ ਪਹਿਲਾਂ ਹੀ ਜਨਤਕ ਹੋ ਚੁੱਕੀਆਂ ਹਨ ਕਿ ਕਿਸ ਤਰ੍ਹਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੌਜਵਾਨਾਂ ਨੂੰ ਹਿੰਸਾ ਲਈ ਭੜਕਾ ਕੇ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੀ ਹੈ। ਪਰ ਇਸ ਸਰਕਾਰ ਵੱਲੋਂ ਕੋਈ ਕਾਰਵਾਈ ਜਾਂ ਯੋਜਨਾ ਨਜ਼ਰ ਨਹੀਂ ਆ ਰਹੀ, ਜਿਵੇਂ ਕੁਝ ਹੋਇਆ ਹੀ ਨਹੀਂ। ਜਿਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਹਾਲਾਤਾਂ ਨੂੰ ਆਮ ਵਾਂਗ ਨਾ ਮੰਨਣ ਦੀ ਚਿਤਾਵਨੀ ਦਿੱਤੀ ਹੈ।


ਸੂਬਾ ਕਾਂਗਰਸ ਪ੍ਰਧਾਨ ਨੇ ਇਸ ਗੱਲ ‘ਤੇ ਵੀ ਹੈਰਾਨੀ ਜ਼ਾਹਰ ਕੀਤੀ ਹੈ ਕਿ ਕਿਵੇਂ ਪੰਜਾਬ ‘ਚ ਅਪਰਾਧ ਹੋ ਰਹੇ ਹਨ ਅਤੇ ਦਿੱਲੀ ਪੁਲਸ ਸਿੱਧੂ ਮੂਸੇਵਾਲਾ ਅਤੇ ਡੇਰਾ ਸਮਰਥਕ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਕਿਉਂ ਬਣੀ ਹੋਈ ਹੈ?

Leave a Reply

Your email address will not be published. Required fields are marked *