ਹੁਸ਼ਿਆਰਪੁਰ— ਬੀਤੇ ਦਿਨੀਂ ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਦੋ ਹੋਰ ਕਾਤਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਦੀ ਪੁਲਸ ਵੱਲੋਂ ਸਾਂਝੇ ਆਪਰੇਸ਼ਨ ਤਹਿਤ ਦੋਵੇਂ ਸ਼ੂਟਰ ਹੁਸ਼ਿਆਰਪੁਰ ਤੋਂ ਗਿ੍ਰਫ਼ਤਾਰ ਕੀਤੇ ਗਏ ਹਨ। ਗਿ੍ਰਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਦੇ ਰੂਪ ’ਚ ਹੋਈ ਹੈ। ਉਥੇ ਹੀ ਇਸ ਕਤਲ ਦੀ ਸਾਜਿਸ਼ ਦਾ ਮਾਸਟਰਮਾਈਂਡ ਕੈਨੇਡਾ ਦਾ ਗੈਂਗਸਟਰ ਗੋਲਡੀ ਬਰਾੜ ਹੈ।
ਦੋਵੇਂ ਹੀ ਸ਼ੂਟਰ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਦੇ ਇਲਾਵਾ ਫਰੀਦਕੋਟ ਪੁਲਸ ਨੇ ਹਰਿਆਣਾ ਦੇ 3 ਸ਼ੂਟਰਾਂ ਦੀ ਮਦਦ ਕਰਨ ਦੇ ਦੋਸ਼ ’ਚ ਇਕ ਹੋਰ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਬਲਜੀਤ ਮੰਨਾ ਦੇ ਰੂਪ ’ਚ ਕੀਤੀ ਗਈ ਹੈ। ਪੁਲਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਪੁਲਸ ਨੂੰ ਡੇਰਾ ਪ੍ਰੇਮੀ ਕਤਲ ਕਾਂਡ ਸਬੰਧੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।