ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ ਅਤੇ ਅਧਿਕਾਰੀਆਂ ਨੂੰ ਹੋਰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਜ਼ਿਕਰਯੋਗ ਹੈ ਕਿ ਭਾਵੇਂ ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 9559 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 8323 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਡੇਂਗੂ ਦੇ ਸਿਰਫ਼ 1206 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿੱਚੋਂ 102 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ, 91 ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1012 ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ। ਜਿਹੜੇ ਮਰੀਜ਼ ਘਰਾਂ ਵਿੱਚ ਮੌਜੂਦ ਹਨ ਉਨ੍ਹਾਂ ਦੀ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਡੇਂਗੂ ਕਾਰਨ 16 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਕਿ ਪਿਛਲੇ ਸਾਲ ਡੇਂਗੂ ਨਾਲ 55 ਮੌਤਾਂ ਹੋਈਆਂ ਸਨ। ਇਸ ਲਈ ਫਿਲਹਾਲ ਸਥਿਤੀ ਕਾਫੀ ਹੱਦ ਤੱਕ ਕਾਬੂ ਹੇਠ ਹੈ ,ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮੁਸਤੈਦੀ ਨੂੰ ਮੱਠੀ ਨਾ ਪੈਣ ਦੇਣ। ਉਨ੍ਹਾਂ ਸੂਬੇ ਵਿੱਚ ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।

ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਮਹਾਂਮਾਰੀ ਰੋਗ ਐਕਟ, 1897 ਅਧੀਨ ਨੋਟੀਫਾਈਡ ਬਿਮਾਰੀਆਂ ਹਨ ਅਤੇ ਇਸ ਅਨੁਸਾਰ ਪੰਜਾਬ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੇਸ਼ ਕਰਨੀ ਪੈਂਦੀ ਹੈ ਤਾਂ ਜੋ ਡੇਂਗੂ ਦੇ ਕਿਸੇ ਵੀ ਮਾਮਲੇ ਵਿੱਚ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਫੋਗਿੰਗ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ ਅਤੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੱਤਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹ ਜ਼ਮੀਨੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।


Leave a Reply

Your email address will not be published. Required fields are marked *