ਫਰੀਦਕੋਟ, 22 ਜੁਲਾਈ (ਦਲਜੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਜੁੜੇ ਵਿਵਾਦਿਤ ਪੋਸਟਰ ਮਾਮਲੇ ‘ਚ ਫਰੀਦਕੋਟ ਅਦਾਲਤ ਵਲੋਂ ਡੇਰਾ ਸਿਰਸਾ ਦੀ ਨੈਸ਼ਨਲ ਕਮੇਟੀ ਦੇ ਤਿੰਨ ਮੈਂਬਰਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਵਾਰੰਟ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਪਹਿਲਾਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਮਾਮਲੇ ਵਿਚ ਭਗੌੜੇ ਹਨ ਤੇ ਹੁਣ ਅਦਾਲਤ ਵੱਲੋਂ ਵਾਰੰਟ ਜਾਰੀ ਕਰ ਦਿੱਤੇ ਹਨ, ਜਿਸ ਦੌਰਾਨ ਪੁਲਿਸ ਕਿਸੇ ਵੀ ਵੇਲੇ ਮੁਲਜ਼ਮਾਂ ਨੂੰ ਗ੍ਰਿਫਤਾਰੀ ਕਰ ਸਕਦੀ ਹੈ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ ਕਿਉਂਕਿ ਤਿੰਨੇ ਡੇਰਾ ਕਮੇਟੀ ਮੈਂਬਰ ਗੁਰਮੀਤ ਰਾਮ ਰਹੀਮ ਦੇ ਸੰਪਰਕ ਵਿਚ ਸਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਸਾਜ਼ਿਸ਼ ਵਿਚ ਡੇਰਾ ਮੁਖੀ ਵੀ ਸ਼ਾਮਲ ਹੋ ਸਕਦਾ ਹੈ।
ਵਿਸ਼ੇਸ਼ ਜਾਂਚ ਟੀਮ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚ ਛਾਪੇ ਮਾਰ ਰਹੀ ਹੈ।
ਜ਼ਿਕਰ ਏ ਖਾਸ ਹੈ ਕਿ ਸਾਲ 2015 ‘ਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। 2015 ‘ਚ ਹੀ ਬੇਅਦਬੀ ਮਾਮਲੇ ਨਾਲ ਜੁੜੇ ਵਿਵਾਦਿਤ ਪੋਸਟਰ ਬਰਗਾੜੀ ਪਿੰਡ ‘ਚ ਲਗਾਏ ਗਏ ਸਨ। ਫਿਲਹਾਲ ਸਿੱਟ ਬੇਅਦਬੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਆਪਣਾ ਕੰਮ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਐੱਸ.ਆਈ.ਟੀ ਵੱਲੋਂ ਹੋਰ ਵੱਡੀਆਂ ਕਾਰਵਾਈਆਂ ਕਰ ਸਕਦੀ ਹੈ ਯਾਨੀ ਕਿ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।