ਚੰਡੀਗੜ੍ਹ – ਪੰਜਾਬ ਦੇ ਸਿੰਚਾਈ ਵਿਭਾਗ ‘ਚ ਕਥਿਤ ਤੌਰ ’ਤੇ ਸੈਂਕੜੇ ਕਰੋੜ ਦੇ ਘਪਲੇ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਪੁੱਛ-ਗਿੱਛ ਲਈ ਵਿਜੀਲੈਂਸ ਬਿਊਰੋ ਵੱਲੋਂ ਇਕ ਵਾਰ ਫਿਰ ਸੰਮਨ ਭੇਜ ਕੇ ਬੁਲਾਇਆ ਗਿਆ ਹੈ। ਬਿਊਰੋ ਦੇ ਅਧਿਕਾਰੀਆਂ ਵਲੋਂ ਢਿੱਲੋਂ ਨੂੰ ਪੁੱਛਗਿੱਛ ‘ਚ ਸ਼ਾਮਲ ਹੋਣ ਲਈ 2 ਦਸੰਬਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਸਿੰਚਾਈ ਮੰਤਰੀ ਤੇ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਪੁੱਛਗਿੱਛ ਲਈ 29 ਨਵੰਬਰ ਨੂੰ ਬੁਲਾਇਆ ਗਿਆ ਸੀ ਪਰ ਸ਼ਰਨਜੀਤ ਸਿੰਘ ਢਿੱਲੋਂ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਦਿਨ ਦਾ ਸਮਾਂ ਦੇ ਦਿੱਤਾ ਜਾਵੇ।