ਬੇਗੋਵਾਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕੇ ਭੁਲੱਥ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਬੇਗੋਵਾਲ ’ਚ ਕੀਤੀ, ਜਿਸ ਵਿਚ ਹਲਕੇ ਭਰ ਤੋਂ ਵੱਡੀ ਗਿਣਤੀ ਮੋਹਤਬਰਾਂ ਨੇ ਹਿੱਸਾ ਲਿਆ। ਮੀਟਿੰਗ ’ਚ ਜਗਮੀਤ ਸਿੰਘ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਲੋਕ ਬਾਦਲਾਂ ਦੀ ਦਖ਼ਲਅੰਦਾਜ਼ੀ ਨੂੰ ਚੰਗਾ ਨਹੀਂ ਸਮਝਦੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਅਕਸ ਖ਼ਤਮ ਹੋਣ ਕਿਨਾਰੇ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਬਾਦਲਾਂ ਦੇ ਕਹੇ ਅਨੁਸਾਰ ਚੱਲਣਾ ਪੈਂਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਨ੍ਹਾਂ ਦੀ ਕਠਪੁਤਲੀ ਬਣ ਕੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਹਲਕਾ ਭੁਲੱਥ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਸਗੋਂ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਉਹ ਉਨ੍ਹਾਂ ਵਾਂਗ ਸਿਧਾਂਤਾਂ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹੋਰ ਪਾਰਟੀ ’ਚ ਨਹੀਂ ਜਾਣਗੇ ਅਤੇ ਸਿਧਾਂਤਾਂ ਦੀ ਲੜਾਈ ਲੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁਡ਼ ਸੁਰਜੀਤ ਕਰਨਗੇ।