ਚੰਡੀਗੜ੍ਹ : ਪੰਜਾਬ ‘ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ‘ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 21 ਦਸੰਬਰ ਮਤਲਬ ਕਿ ਭਲਕੇ ਤੋਂ ਸਵੇਰੇ 10 ਵਜੇ ਖੁੱਲ੍ਹਣਗੇ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।
ਇਹ ਫ਼ੈਸਲਾ 21 ਜਨਵਰੀ, 2023 ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ।
ਦੱਸਣਯੋਗ ਹੈ ਕਿ ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਦੌਰਾਨ ਮੰਗਲਵਾਰ ਨੂੰ ਇਕ ਕੰਪਿਊਟਰ ਅਧਿਆਪਕਾ ਦੀ ਮੌਤ ਹੋ ਗਈ, ਜਦੋਂ ਕਿ ਹੋਰ ਵੀ ਕਈ ਲੋਕ ਧੁੰਦ ਦੇ ਚੱਲਦਿਆਂ ਹਾਦਸਿਆਂ ਦਾ ਸ਼ਿਕਾਰ ਬਣ ਰਹੇ ਹਨ।