ਚੰਡੀਗੜ੍ਹ: ਪੰਜਾਬ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਅਨੁਸਾਰ 31 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੀ ਇਹ ਸੂਚੀ ਕਾਫੀ ਚਰਚਾ ਵਿਚ ਹੈ ਕਿਉਂਕਿ ਪੰਜਾਬ ਭਾਜਪਾ ਨੇ 31 ‘ਚੋਂ 14 ਸਿੱਖ ਚਿਹਰਿਆਂ ਨੂੰ ਜ਼ਿਲਾ ਪ੍ਰਧਾਨਾਂ ਦੇ ਅਹੁਦੇ ਦਿੱਤੇ ਹਨ।
ਇਸ ਤੋਂ ਪਹਿਲਾਂ ਭਾਜਪਾ ਨੇ ਕਦੇ ਵੀ ਇੰਨੀ ਵੱਡੀ ਗਿਣਤੀ ‘ਚ ਸਿੱਖ ਚਿਹਰੇ ਜ਼ਿਲ੍ਹਾ ਪ੍ਰਧਾਨ ਨਹੀਂ ਸਨ ਬਣਾਏ। ਸੂਚੀ ਅਨੁਸਾਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ ਨੂੰ ਰੂਪਨਗਰ ਜ਼ਿਲ੍ਹੇ ਲਈ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਮਨਜੀਤ ਸਿੰਘ ਮੰਨਾ ਨੂੰ ਅੰਮ੍ਰਿਤਸਰ ਦਿਹਾਤੀ, ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਸ਼ਹਿਰੀ, ਗੁਰਮੀਤ ਸਿੰਘ ਹੰਡਿਆਇਆ ਨੂੰ ਬਰਨਾਲਾ, ਹਰਸਿਮਰਤ ਸਿੰਘ ਵਾਲੀਆ ਨੂੰ ਬਟਾਲਾ, ਰਵੀਪ੍ਰੀਤ ਸਿੰਘ ਸਿੱਧੂ ਨੂੰ ਬਠਿੰਡਾ ਦਿਹਾਤੀ, ਗਗਨਦੀਪ ਸਿੰਘ ਸੁਖੀਜਾ ਨੂੰ ਫਰੀਦਕੋਟ, ਦੀਦਾਰ ਸਿੰਘ ਭੱਟੀ ਨੂੰ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ, ਰਣਜੀਤ ਸਿੰਘ ਖੋਜੇਵਾਲ ਨੂੰ ਕਪੂਰਥਲਾ, ਕਰਨਵੀਰ ਸਿੰਘ ਢਿੱਲੋਂ ਨੂੰ ਖੰਨਾ, ਸੁਰਜੀਤ ਸਿੰਘ ਗੜ੍ਹੀ ਨੂੰ ਪਟਿਆਲਾ ਦਿਹਾਤੀ (ਨੋਰਥ), ਰਣਦੀਪ ਸਿੰਘ ਦਿਓਲ ਨੂੰ ਸੰਗਰੂਰ-1 ਅਤੇ ਹਰਜੀਤ ਸਿੰਘ ਨੂੰ ਤਰਨਤਾਰਨ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਹੈ।
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੇ ਭਾਜਪਾ ਦੇ ਪੈਰ ਲਗਾਉਣ ਵਿਚ ਅਹਿਮ ਰੋਲ ਅਦਾ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਪਹਿਲਾਂ ਜਾਰੀ ਕਰ ਦਿੱਤੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤੱਕ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਨਹੀਂ ਕੀਤਾ।