ਚੰਡੀਗੜ੍ਹ- ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਅਨਏਡਿਡ ਪ੍ਰਾਈਵੇਟ ਸਕੂਲਾਂ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਇਕ ਵਾਰ ਫਿਰ ਵਧਾ ਦਿੱਤੀਆਂ ਗਈਆਂ ਹਨ। ਹੁਣ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਜਾਰੀ ਰਹਿਣਗੀਆਂ। ਇਨ੍ਹਾਂ ਨੂੰ ਪਹਿਲਾਂ ਛੁੱਟੀਆਂ ‘ਚ 14 ਜਨਵਰੀ ਤੱਕ ਦਾ ਵਾਧਾ ਕੀਤਾ ਗਿਆ ਸੀ।
ਇਸ ਦੇ ਨਾਲ ਹੀ 9ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਪਹਿਲਾਂ ਦੀਆਂ ਹਦਾਇਤਾਂ ਅਨੁਸਾਰ ਜਾਰੀ ਰਹਿਣਗੀਆਂ। ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਵਾਰ-ਵਾਰ ਸਰਦੀਆਂ ਦੀਆਂ ਛੁੱਟੀਆਂ ਵਧਾ ਰਿਹਾ ਹੈ।
ਸ਼ੁੱਕਰਵਾਰ ਤੀਜੀ ਵਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਇਹ ਹਦਾਇਤਾਂ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਜਾਰੀ ਕੀਤੀਆਂ ਗਈਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ 26 ਦਸੰਬਰ 2022 ਤੋਂ 8 ਜਨਵਰੀ 2023 ਤੱਕ 13 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸਨ, ਜਿਨ੍ਹਾਂ ਨੂੰ ਵਧਾ ਦਿੱਤਾ ਗਿਆ ਸੀ। ਜਦੋਂ ਨਿੱਜੀ ਸਕੂਲ ਆਪਣੇ ਕੈਲੰਡਰ ਅਨੁਸਾਰ ਖੁੱਲ੍ਹਣ ਲੱਗੇ ਤਾਂ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਲਈ ਵੀ ਸਾਂਝਾ ਹੁਕਮ ਜਾਰੀ ਕਰ ਦਿੱਤਾ ਸੀ। 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹੁਣ ਫਿਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।