ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਡੇਰਾ ਮੁਖੀ, ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਡੇਰਾ ਮੁਖੀ ਨੂੰ ਦਸਤੀ ਨੋਟਿਸ ਭੇਜਿਆ ਹੈ। ਹਾਈ ਕੋਰਟ ਦੇ ਜਸਟਿਸ ਏ.ਜੀ ਮਸੀਹ ਅਤੇ ਜਸਟਿਸ ਵਿਕਰਮ ਅਗਰਵਾਲ ਨੇ ਸਾਰੇ ਬਚਾਅ ਪੱਖ ਨੂੰ 17 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ‘ਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਕਮਿਸ਼ਨਰ ਰੋਹਤਕ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਜੇਲ੍ਹ ਸੁਪਰਡੈਂਟ ਸੁਨਾਰੀਆ, ਡੀਸੀ ਰੋਹਤਕ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ਵਿੱਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿੱਚ ਵਿਧਾਨਕ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਨੇ 20 ਜਨਵਰੀ ਨੂੰ ਗੁਰਮੀਤ ਸਿੰਘ ਨੂੰ 40 ਦਿਨਾਂ ਦੀ ਪੈਰੋਲ ਦੇਣ ਵਾਲੇ ਕਮਿਸ਼ਨਰ ਰੋਹਤਕ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ 11 ਦੇ ਉਪਬੰਧਾਂ ਦੇ ਵਿਰੁੱਧ ਹੈ।