ਪੰਜਾਬ ‘ਚ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ, ਲੋਕਾਂ ਨੂੰ ਘਰ ਬੈਠੇ ਮਿਲਣਗੀਆਂ 40 ਸੇਵਾਵਾਂ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਦੇ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰਵਾਜ਼ੇ ’ਤੇ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਐਪ ਜ਼ਰੀਏ ਆਨਲਾਈਨ ਮੁਹੱਈਆ ਹੋਵੇਗੀ ਅਤੇ ਲੋਕਾਂ ਨੂੰ ਸਿਰਫ ਇਕ ਫ਼ੋਨ ਕਾਲ ਨਾਲ ਹੀ ਇਸ ਯੋਜਨਾ ਦਾ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਖ਼ਾਸ ਤੌਰ ’ਤੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਮਜ਼ਬੂਤ ਕਰ ਕੇ ਸੂਬੇ ਨੂੰ ਅਸਥਿਰ ਕਰਨ ਵਾਲਿਆਂ ਨੂੰ ਮੂੰਹ-ਤੋੜਵਾਂ ਜਵਾਬ ਦਿਓ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ 14,000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ‘ਚ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਨਾਲ ਸਬੰਧਿਤ ਸਹਾਇਕ ਕੰਮਾਂ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਦੇ ਰਹੀ ਹੈ। ਫੂਡ ਪ੍ਰੋਸੈਸਿੰਗ ਸੈਕਟਰ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਗੰਨਾ, ਲੀਚੀ, ਲਸਣ ਤੇ ਕਿੰਨੂ ਸਮੇਤ ਹੋਰ ਫਲਾਂ ਲਈ ਛੇਤੀ ਹੀ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ। ਮਿਲਕਫੈੱਡ ਦੇ ਜ਼ਰੀਏ ਦੁੱਧ ਦਾ ਉਤਪਾਦਨ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਗਰਮੀ ਵਿਚ ਕੋਈ ਵੀ ਬਿਜਲੀ ਕੱਟ ਨਹੀਂ ਲੱਗੇਗਾ।

Leave a Reply

Your email address will not be published. Required fields are marked *