ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ।
ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਸਕਣ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।