ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਤਨੀ ਗੁਰਪ੍ਰੀਤ ਕੌਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਹੋਲੇ-ਮੁਹੱਲੇ ਮੌਕੇ ਉਨ੍ਹਾਂ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਲਵਾਈ ਗਈ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲੈਣਗੇ।
ਇਥੇ ਦੱਸਣਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ ਸਨ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਥੇ ਦੱਸ ਦੇਈਏ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 8 ਮਾਰਚ ਤੱਕ ਚੱਲੇਗਾ। ਇਸ ਤੋਂ ਪਹਿਲਾਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 3 ਤੋਂ 5 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਮਨਾਏ ਜਾ ਰਹੇ ਤਿੰਨ ਦਿਨਾਂ ਇਸ ਕੌਮੀ ਜੋੜ ਮੇਲੇ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ, ਉਥੇ ਹੀ ਇਸ ਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਇਸ ਕੌਮੀ ਤਿਉਹਾਰ ਨੂੰ ਮਨਾਉਣ ਲਈ ਪੂਰੇ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਹਨ।