ਚੰਡੀਗੜ੍ਹ -ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ SIT ਨੇ ਕੋਟਕਪੂਰਾ ਗੋਲ਼ੀ ਕਾਂਡ ਤਹਿਤ ਸ਼ਾਂਤੀਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ਾਂ ਹੇਠਾਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਮਾਮਲਾ ਨੰਬਰ 192 ਮਿਤੀ 14 ਅਕਤੂਬਰ 2015 ਵਿੱਚ ਨਾਮਜ਼ਦ ਕੀਤਾ ਗਿਆ ਹੈ।
SIT ਨੇ ਉਕਤ ਪੁਲਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ‘ਚ ਅਲੱਗ ਤੋਂ ਇਕ ਚਲਾਨ ਪੇਸ਼ ਕੀਤਾ ਹੈ, ਜਿਸ ਦੇ ਆਧਾਰ ‘ਤੇ ਅਦਾਲਤ ਨੇ ਇਨ੍ਹਾਂ ਪੁਲਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਪਰ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ 14 ਮਾਰਚ ਨੂੰ ਸੁਣਵਾਈ ਕੀਤਾ ਜਾਵੇਗੀ।