ਨਵੀਂ ਦਿੱਲੀ/ਅੰਮ੍ਰਿਤਸਰ – ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਦੇ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੈਨੇਡਾ ਦੇ ਪ੍ਰਵਾਸੀ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੀਆਂ ਤਿੰਨ ਦਰਜਨ ਦੇ ਕਰੀਬ ਸਭਾ ਸੁਸਾਇਟੀਆਂ, ਗੁਰਦੁਆਰਾ ਅਤੇ ਮੰਦਰ ਕਮੇਟੀਆਂ ਵੱਲੋਂ ਅਪੀਲ ਕੀਤੀ ਗਈ ਹੈ। ਕੈਨੇਡਾ ਦੇ ਮੀਡੀਆ ਸ਼ਖ਼ਸੀਅਤ ਅਤੇ ਸਮਾਜ ਸੇਵਕ ਪ੍ਰੋ: ਕੁਲਵਿੰਦਰ ਸਿੰਘ ਛੀਨਾ ਦੇ ਉੱਦਮ ਨਾਲ ਉਕਤ ਸਰੋਕਾਰ ਸੰਬੰਧੀ ਮੰਗਾਂ ਅਤੇ ਮਤਿਆਂ ਨੂੰ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਵੱਲੋਂ ਲਾਲਪੁਰਾ ਨੂੰ ਸੌਂਪਿਆ ਗਿਆ ਅਤੇ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਦੀ ਸ਼ੁਰੂਆਤ ਲਈ ਵਕਾਲਤ ਅਤੇ ਢੁਕਵੀਂ ਚਾਰਾਜੋਈ ਕਰਨ ਦੀ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ। ਇਸ ਮੌਕੇ ਭਾਜਪਾ ਆਗੂ ਜਗਦੀਪ ਸਿੰਘ ਨਕਈ ਵੀ ਮੌਜੂਦ ਸਨ।
ਪ੍ਰਵਾਸੀ ਪੰਜਾਬੀ ਭਾਈਚਾਰੇ ਨੇ ਹਾਲ ਹੀ ਵਿੱਚ ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਇੱਕ ਦਿਨ ਦੀ ਹਫ਼ਤਾਵਾਰੀ ਉਡਾਣ ਸ਼ੁਰੂ ਕਰਨ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ ਅਤੇ ਭਾਰਤ ਸਰਕਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਲਈ ਏਅਰ ਇੰਡੀਆ ਦੀਆਂ ਕੌਮਾਂਤਰੀ ਉਡਾਣਾਂ ਜਲਦ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ। ਇਸ ਬਾਰੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਭਾਈਚਾਰੇ ਦੀਆਂ ਚਿੰਤਾਵਾਂ ਤੇ ਸਰੋਕਾਰਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਭਾਈਚਾਰੇ ਦੀ ਇਸ ਚਿਰੋਕਣੀ ਮੰਗ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧੀਆ ਕੋਲ ਮਾਮਲਾ ਉਠਾ ਚੁੱਕੇ ਹਨ, ਜਿਸ ’ਤੇ ਉੱਚ ਪੱਧਰ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਬਹੁਤ ਜਲਦ ਸਾਰਥਿਕ ਨਤੀਜੇ ਸਾਹਮਣੇ ਆਉਣਗੇ।