ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦੇਈਏ ਕਿ ਅੱਜ ਨਸ਼ਿਆਂ ਅਤੇ ਹੋਰ ਮੁੱਦਿਆਂ ‘ਤੇ ਸਦਨ ਅੰਦਰ ਵੱਡੀ ਬਹਿਸ ਕੀਤੀ ਜਾਣੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਵਿਖੇ ਬਣਾਏ ਜਾ ਰਹੇ ਹਵਾਈ ਅੱਡੇ ਦੇ ਨਾਂ ਸ੍ਰੀ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਅੰਤਰਰਾਸ਼ਟਰੀ ਹਵਾਬਾਜ਼ੀ ਮੰਤਰਾਲੇ ਨੂੰ ਪ੍ਰਸਤਾਅ ਭੇਜ ਕੇ ਸਿਫਾਰਸ਼ ਕੀਤੀ ਜਾਵੇਗੀ।
ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਇਜਲਾਸ ਦੇ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ ‘ਤੇ ਮੋਹਰ ਲੱਗ ਸਕਦੀ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣਗੇ। ਮੁੱਖ ਮੰਤਰੀ ਮਾਨ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਬਾਰੇ ਪ੍ਰਸਤਾਵ ਪੇਸ਼ ਕਰ ਸਕਦੇ ਹਨ।