ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਸੈਕਟਰ-28 ਵਿਖੇ ਅੰਤਿਮ ਦਰਸ਼ਨਾਂ ਲਈ ਰੱਖ ਦਿੱਤਾ ਗਿਆ ਹੈ। ਫੋਰਟਿਸ ਹਸਪਤਾਲ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਲਿਜਾਇਆ ਗਿਆ, ਜਿੱਥੇ ਪਾਰਟੀ ਵਰਕਰ ਅਤੇ ਲੋਕ ਬਾਦਲ ਸਾਹਿਬ ਦੇ ਅੰਤਿਮ ਦਰਸ਼ਨ ਕਰ ਰਹੇ ਹਨ। ਇਥੇ ਇਹ ਦੱਸਣਯੋਗ ਹੈ ਕਿ ਬਾਬਾ ਬੋਹੜ ਮੰਨੇ ਜਾਂਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਥੇ ਪਹੁੰਚ ਰਹੇ ਹਨ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਜਾਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਇਕ ਹਫ਼ਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ਼ ਕਰਕੇ ਦਾਖ਼ਲ ਸਨ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ। ਜਿਓਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਸ਼ਰ ਹੋਈ ਤਾਂ ਸਮੁੱਚੀ ਅਕਾਲੀ ਲੀਡਰਸ਼ਿਪ ਤੁਰੰਤ ਚੰਡੀਗੜ੍ਹ ਪਹੁੰਚ ਗਈ।