ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।
ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਉੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖ਼ਰੀ ਸਾਹ ਲਏ ਸਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਪੂਰਾ ਅਕਾਲੀ ਦਲ ਡੂੰਘੇ ਸਦਮੇ ‘ਚ ਹੈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।