ਨਵੀ ਦਿੱਲੀ- ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਲਈ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ। ਇਸ ਸਬੰਧ ਵਿਚ ਦਿੱਲੀ ਹਾਈ ਕੋਰਟ ਨੇ ਈ. ਡੀ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਿਸੋਦੀਆ ਦੀ ਨਿਯਮਤ ਜ਼ਮਾਨਤ ਅਰਜ਼ੀ ਅਤੇ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਈ. ਡੀ. ਨੂੰ ਨੋਟਿਸ ਜਾਰੀ ਕੀਤਾ।
ਹਾਈ ਕੋਰਟ ਨੇ ਈ.ਡੀ ਨੂੰ ਇਕ ਹਫ਼ਤੇ ਦੇ ਅੰਦਰ ਤਸਦੀਕ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 11 ਮਈ ਨੂੰ ਸੂਚੀਬੱਧ ਕੀਤੀ ਹੈ। ਸਿਸੋਦੀਆ ਨੇ ਆਪਣੀ ਪਤਨੀ ਦੀ ਬੀਮਾਰੀ ਦੇ ਆਧਾਰ ‘ਤੇ ਮਾਮਲੇ ‘ਚ ਨਿਯਮਤ ਜ਼ਮਾਨਤ ਦੀ ਅਰਜ਼ੀ ਦੇ ਨਾਲ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਸਾਬਕਾ ਉਪ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ ਅਤੇ ਮੋਹਿਤ ਮਾਥੁਰ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਕਿ ‘ਆਪ’ ਆਗੂ ਦੀ ਪਤਨੀ ਪਿਛਲੇ 20 ਸਾਲਾਂ ਤੋਂ ਮਲਟੀਪਲ ਸਕਲੇਰੋਸਿਸ ਤੋਂ ਪੀੜਤ ਹੈ, ਜੋ ਕਿ ਦਿਮਾਗੀ ਪ੍ਰਣਾਲੀ ਨਾਲ ਜੁੜੀ ਇਕ ਗੰਭੀਰ ਬੀਮਾਰੀ ਹੈ। ਓਧਰ ਈ. ਡੀ ਦੇ ਵਕੀਲ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਸਿਸੋਦੀਆ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਹੈ।
ਸਿਸੋਦੀਆ ਨੇ ਹੇਠਲੀ ਅਦਾਲਤ ਦੇ 28 ਅਪ੍ਰੈਲ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਇਸ ਅਧਾਰ ‘ਤੇ ਰੱਦ ਕਰ ਦਿੱਤਾ ਗਿਆ ਕਿ ਸਬੂਤ ਪਹਿਲੀ ਨਜ਼ਰੇ ਅਪਰਾਧ ‘ਚ ਉਨ੍ਹਾਂ ਦੀ ਸ਼ਮੂਲੀਅਤ ਵਲ ਇਸ਼ਾਰਾ ਕਰਦੇ ਹਨ। ਦੱਸ ਦੇਈਏ ਕਿ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਅਤੇ ਈਡੀ ਨੇ 9 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਅਤੇ ਇਸ ਆਬਕਾਰੀ ਨੀਤੀ ਤੋਂ ਕਮਾਏ ਪੈਸੇ ਦੀ ਕਥਿਤ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਸੀ। ਇਹ ਨੀਤੀ ਹੁਣ ਰੱਦ ਕਰ ਦਿੱਤੀ ਗਈ ਹੈ।