ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਪਾਰਲੀਮੈਂਟ ਦੇ ਉਦਘਾਟਨ ‘ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਨਾ ਦੇਣ ‘ਤੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਇਕ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜਦ ਵੀ ਪਾਰਲੀਮੈਂਟ ਦਾ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇਕ ਐੱਮ. ਪੀ. ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਵਾਉਣ ਦੀ ਗੱਲ ਤਾਂ ਦੂਰ ਉਨ੍ਹਾਂ ਨੂੰ ਬੁਲਾਇਆ ਵੀ ਨਹੀਂ ਗਿਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਅਸੀਂ ਜ਼ਰੂਰ ਜਾਂਦੇ ਪਰ ਹੁਣ ਨਹੀਂ ਜਾਵਾਂਗੇ।
ਜ਼ਿਕਰਯੋਗ ਹੈ ਕਿ ਬੀਤੇ 18 ਮਈ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸਵੈ-ਨਿਰਭਰ ਭਾਰਤ ਦੀ ਭਾਵਨਾ ਦੇ ਪ੍ਰਤੀਕ ਨਵੀਂ ਸੰਸਦ ਦਾ ਉਦਘਾਟਨ ਕਰਨਗੇ। ਜਿਸ ਤੋਂ ਬਾਅਦ ਦੇਸ਼ ਦੀ ਸਿਆਸਤ ਭੱਖ ਗਈ ਸੀ ਤੇ ਰਾਹੁਲ ਗਾਂਧੀ ਸਮੇਤ ਵਿਰੋਧੀ ਪਾਰਟੀਆਂ ਦੇ ਕਈ ਲੀਡਰਾਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਜਾਏ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਨਵੀਂ ਪਾਰਲੀਮੈਂਟ ਦਾ ਉਦਘਾਟਨ ਕਰਨ ਦਾ ਸਨਮਾਨ ਦੇਣਾ ਚਾਹੀਦਾ ਸੀ।